ਐੱਸ. ਏ. ਐੱਸ. ਨਗਰ, 24 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਾਜਸੀ ਜਥੇਬੰਦੀ ਮਿਸਲ ਸਤਲੁਜ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸੰਬੰਧ 'ਚ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਥੇਬੰਦੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ (ਜੋ ਕਿ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਸਤਨਾਮ ਸਿੰਘ ਛੀਨਾ ਦੀ ਪਤਨੀ ਹਨ) ਨੂੰ ਹਲਕਾ ਸਨੌਰ ਤੋਂ ਉਮੀਦਵਾਰ ਐਲਾਨਿਆ ਹੈ | ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਵਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਜਥੇਬੰਦੀ ਵਿਧਾਨ ਸਭਾ ਚੋਣਾਂ 'ਚ ਆਪਣੇ ਉਮੀਦਵਾਰ ਮੈਦਾਨ 'ਚ ਉਤਾਰੇਗੀ ਅਤੇ ਹੁਣ ਇਕ-ਇਕ ਕਰਕੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੁੱਖ ਉਦੇਸ਼ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਹੱਕਾਂ ਦੀ ਰਾਖੀ ਕਰਦੇ ਹੋਏ ਸੂਬੇ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਆਤਮ-ਸਨਮਾਨ ਦੇ ਰਾਹ 'ਤੇ ਲਿਆਉਣਾ ਹੈ | ਇਸ ਮੌਕੇ ਅਮਰਿੰਦਰ ਸਿੰਘ ਤੁੜ ਤੇ ਹਰਜੀਤ ਸਿੰਘ ਖਿਜ਼ਰਾਬਾਦ ਆਦਿ ਵੀ ਹਾਜ਼ਰ ਸਨ |