ਐੱਸ.ਏ.ਐੱਸ. ਨਗਰ, 24 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੁਹਾਲੀ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ 8 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਗਏ | ਇਸ ਮੌਕੇ ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਪੰਜਾਬ ਸਰਕਾਰ ਦੀ ਮਿ੍ਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ ਤਾਂ ਜੋ ਘੱਟ ਤੋਂ ਘੱਟ ਸਮੇਂ 'ਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ | ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ 'ਤੇ ਬਿਨਾਂ ਕਿਸੇ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕਰਨ ਦੀ ਤਾਕੀਦ ਵੀ ਕੀਤੀ |