ਚੰਡੀਗੜ੍ਹ, 24 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਅਤੇ ਹੋਰ ਆਗੂਆਂ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 'ਆਪ' ਦਾ ਦਬਦਬਾ ਲਗਾਤਾਰ ਘੱਟ ਰਿਹਾ ਹੈ ਅਤੇ ਲੋਕਾਂ ਦੇ ਨਾਲ-ਨਾਲ ਪਾਰਟੀ ਦੇ ਆਪਣੇ ਨੇਤਾਵਾਂ ਦਾ ਭਰੋਸਾ ਵੀ ਡਗਮਗਾ ਚੁੱਕਾ ਹੈ | ਜਾਖੜ ਨੇ ਕਿਹਾ ਕਿ 'ਆਪ' ਸਰਕਾਰ ਦੇ ਖ਼ਰਾਬ ਕਾਰਜਕਾਲ, ਵਧਦੇ ਭਿ੍ਸ਼ਟਾਚਾਰ ਅਤੇ ਕਾਨੂੰਨ-ਵਿਵਸਥਾ ਦੀ ਨਾਕਾਮੀ ਕਾਰਨ ਸੂਬੇ ਦੇ ਲੋਕ ਨਿਰਾਸ਼ ਹਨ | ਇਸੇ ਕਰਕੇ ਹੁਣ ਕਈ ਨੇਤਾ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਰਹੇ ਹਨ | ਜਾਖੜ ਨੇ ਇਸ ਨੂੰ ਸਹੀ ਸਮੇਂ 'ਤੇ ਲਿਆ ਗਿਆ ਫ਼ੈਸਲਾ ਕਰਾਰ ਦਿੱਤਾ ਅਤੇ ਕਿਹਾ ਕਿ ਭਾਜਪਾ 'ਚ ਆਉਣ ਵਾਲੇ ਹਰ ਨੇਤਾ ਦਾ ਖੁੱਲੇ੍ਹ ਦਿਲ ਨਾਲ ਸਵਾਗਤ ਕੀਤਾ ਜਾਵੇਗਾ |