ਚੰਡੀਗੜ੍ਹ, 24 ਅਪ੍ਰੈਲ (ਅਜਾਇਬ ਸਿੰਘ ਔਜਲਾ)-ਕਿਸਾਨ ਭਵਨ ਚੰਡੀਗੜ੍ਹ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਿਸਾਨ ਆਗੂ ਬੂਟਾ ਸਿੰਘ ਬੁਰਜ਼ਗਿੱਲ, ਹਰਿੰਦਰ ਸਿੰਘ ਲੱਖੋਵਾਲ, ਗੁਰਮੀਤ ਸਿੰਘ ਮਹਿਮਾ ਵਲੋਂ ਕੀਤੀ ਗਈ | ਇਸ ਵਿਸ਼ੇਸ਼ ਇਕੱਤਰਤਾ 'ਚ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਅਧਿਕਾਰਾਂ 'ਤੇ ਹਮਲਾ ਕਰਾਰ ਦੱਸਿਆ | ਕਿਸਾਨ ਜਥੇਬੰਦੀਆਂ ਨੇ ਮਹੱਤਵਪੂਰਨ ਮੰਗਾਂ ਦਾ ਮੰਗ ਪੱਤਰ ਇਸ ਇਕੱਤਰਤਾ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਲੋਕ ਭਵਨ ਵਿਖੇ ਸੌਂਪਿਆ | ਇਸ ਇਕੱਤਰਤਾ ਵਿਚ ਇਸ ਮੰਗ 'ਤੇ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਾਣੀ ਦਾ ਸੰਕਟ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ | ਅਜਿਹੇ ਸਮੇਂ ਵਿਚ ਪਾਣੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਲਈ ਕੁੱਝ ਠੋਸ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ | ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਦੇ ਰੂਲਜ 'ਚ ਸੋਧ ਕਰਕੇ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਲਈ ਜਾਰੀ ਕੀਤਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ | ਦਰਿਆ, ਝੀਲਾਂ ਅਤੇ ਡੈਮ ਸੰਵਿਧਾਨ ਅਨੁਸਾਰ ਰਾਜ ਦਾ ਵਿਸ਼ਾ ਹਨ | ਇਸ ਲਈ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਤੇ ਸੰਵਿਧਾਨਕ ਵਿਵਸਥਾ ਦੇ ਅਸੂਲੀ ਦਾਇਰੇ ਨੂੰ ਆਧਾਰ ਮੰਨ ਕੇ ਹੱਲ ਕੀਤਾ ਜਾਵੇ | ਡੈਮਾਂ 'ਤੇ ਸੂਬਿਆਂ ਦੇ ਮਾਲਕੀ ਅਧਿਕਾਰਾਂ ਨੂੰ ਖੋਹਣ ਵਾਲੇ ਡੈਮ ਸੇਫ਼ਟੀ ਐਕਟ ਨੂੰ ਰੱਦ ਕੀਤਾ ਜਾਵੇ | ਜਲ (ਬਚਾਅ ਅਤੇ ਪ੍ਰਦੂਸ਼ਣ ਦੀ ਰੋਕਥਾਮ) ਸੋਧ ਐਕਟ 2024 ਨੂੰ ਰੱਦ ਕੀਤਾ ਜਾਵੇ | ਇਕੱਤਰਤਾ 'ਚ ਬਲਵੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਜੰਗਵੀਰ ਸਿੰਘ ਚੌਹਾਨ, ਪ੍ਰੇਮ ਸਿੰਘ ਭੰਗੂ, ਲਖਨ ਪਾਲ ਸ਼ਰਮਾ, ਗੁਰਵਿੰਦਰ ਸਿੰਘ ਢਿੱਲੋਂ, ਅੰਗਰੇਜ਼ ਸਿੰਘ ਭਦੌੜ, ਬਲਦੇਵ ਸਿੰਘ ਨਿਹਾਲਗੜ੍ਹ ਤੋਂ ਇਲਾਵਾ ਵੀਰ ਸਿੰਘ ਬੜਵਾ, ਮੇਜਰ ਸਿੰਘ ਭਿੱਖੀਵਿੰਡ, ਹਰਭਜਨ ਸਿੰਘ ਬੁੱਟਰ, ਬਲਵਿੰਦਰ ਸਿੰਘ ਰਾਜੂ, ਮੇਜਰ ਸਿੰਘ ਸ਼ਾਦੀਪੁਰ, ਸਤਨਾਮ ਸਿੰਘ ਅਜਨਾਲਾ, ਹਰਵਿੰਦਰ ਪਾਲ ਸਿੰਘ ਢਿੱਲੋਂ, ਜਗਤਾਰ ਸਿੰਘ ਕਾਲਾ ਝਾੜ ਦੇ ਨਾਲ-ਨਾਲ ਪਿ੍ਥਪਾਲ ਸਿੰਘ ਗੁਰਾਇਆ, ਹਰਵਿੰਦਰਪਾਲ ਸਿੰਘ ਡੱਲੀ ਅਤੇ ਸੁਖਮਿੰਦਰ ਸਿੰਘ ਦਰਾਵਾ ਆਦਿ ਨੇ ਵੀ ਸ਼ਮੂਲੀਅਤ ਕੀਤੀ |