ਦੀਨਾਨਗਰ, 25 ਅਪ੍ਰੈਲ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਦੇ ਰਾਜਭਾਗ ਨਾਲ ਜੁੜੀ ਦੀਨਾਨਗਰ ਸਥਿਤ ਸ਼ਾਹੀ ਬਾਰਾਂਦਰੀ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਵਲੋਂ ਕਈ ਦਿਨ ਬੀਤਣ ਮਗਰੋਂ ਵੀ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਸੰਗਤਾਂ ਅੰਦਰ ਰੋਸ ਪੈਦਾ ਹੋ ਗਿਆ ਹੈ | ਅੱਜ ਜਿੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ਼ਾਹੀ ਬਾਰਾਂਦਰੀ ਵਿਖੇ ਹੋਏ ਸੰਗਤਾਂ ਦੇ ਇਕੱਠ ਦੌਰਾਨ ਭੰਨਤੋੜ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਕੌਮ ਆਪਣੀਆਂ ਇਤਿਹਾਸਕ ਨਿਸ਼ਾਨੀਆਂ ਨਾਲ ਛੇੜਖ਼ਾਨੀ ਬਰਦਾਸ਼ਤ ਨਹੀਂ ਕਰੇਗੀ | ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਵਫ਼ਦ ਨੇ ਪੁਲਿਸ ਸਟੇਸ਼ਨ ਦੀਨਾਨਗਰ ਪਹੁੰਚ ਕੇ ਇਕ ਸ਼ਿਕਾਇਤ ਪੱਤਰ ਵੀ ਪੁਲਿਸ ਨੂੰ ਸੌਂਪਿਆ | ਵਿਰਾਸਤੀ ਮੰਚ ਬਟਾਲਾ ਦੇ ਚੇਅਰਮੈਨ ਐਡਵੋਕੇਟ ਐੱਚ.ਐੱਸ. ਮਾਂਗਟ, ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਜਨਰਲ ਸਕੱਤਰ ਇੰਦਰਜੀਤ ਸਿੰਘ ਹਰਪੁਰਾ ਸਮੇਤ ਮੰਚ ਦੇ ਸਮੂਹ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਮੰਗ ਕੀਤੀ ਕਿ ਇਸ ਇਮਾਰਤ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਤੁਰੰਤ ਰੋਕਿਆ ਜਾਵੇ | ਮਾਮਲੇ ਸਬੰਧੀ ਜਦੋਂ ਦੀਨਾਨਗਰ ਦੇ ਐਸ.ਡੀ.ਐਮ. ਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਇਤਿਹਾਸਕ ਸਮਾਰਕ ਨਾਲ ਛੇੜਛਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |