ਨਵੀਂ ਦਿੱਲੀ, 27 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ 'ਆਪ' ਸਰਕਾਰ ਮਹੱਤਵਪੂਰਨ ਖਰੀਦ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਖਰੀਦ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਤੇ ਮੰਡੀਆਂ 'ਚ ਹਫੜਾ-ਦਫੜੀ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ | ਉਨ੍ਹਾਂ ਨੇ ਸੂਬਾ ਪ੍ਰਸ਼ਾਸਨ 'ਤੇ ਅਪਰਾਧਿਕ ਲਾਪਰਵਾਹੀ, ਘੋਰ ਕੁਪ੍ਰਬੰਧਨ ਤੇ ਜਾਣਬੁੱਝ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ | ਬਿੱਟੂ ਨੇ ਕਿਹਾ ਕਿ ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸੁਚਾਰੂ ਖਰੀਦ ਲਈ ਹਰ ਸੰਭਵ ਪ੍ਰਬੰਧ ਕੀਤੇ ਹਨ, ਪੰਜਾਬ ਸਰਕਾਰ ਨੇ ਆਪਣੀ ਅਯੋਗਤਾ ਅਤੇ ਕਿਸਾਨ ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕੀਤਾ ਹੈ |