ਕੀਰਤਪੁਰ ਸਾਹਿਬ, 27 ਅਪ੍ਰੈਲ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੇ 400 ਸਾਲਾਂ ਸਥਾਪਨਾ ਸ਼ਤਾਬਦੀ ਸਮਾਰੋਹ ਸਬੰਧੀ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਪ੍ਰਗਟਾਵਾ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਆਰੰਭਤਾ 29 ਅਪ੍ਰੈਲ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਕੀਤੀ ਜਾਵੇਗੀ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਬਾਹਰ ਸਜਾਏ ਗਏ ਵਿਸ਼ਾਲ ਪੰਡਾਲ ਵਿਚ ਲਗਾਤਾਰ ਤਿੰਨ ਦਿਨ ਧਾਰਮਿਕ ਸਮਾਗਮ ਚੱਲਣਗੇ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਬਾਹਰੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਰਹਾਇਸ਼, ਜੋੜਾ ਘਰ, ਗਠੜੀ ਘਰ ਅਤੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਜ਼ਿਕਰਯੋਗ ਹੈ ਕਿ ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਨੂੰ ਸੁੰਦਰ ਦੀਪਮਾਲਾ ਨਾਲ ਵਿਲੱਖਣ ਢੰਗ ਨਾਲ ਸਜਾਇਆ ਗਿਆ ਹੈ | ਇਸ ਤੋਂ ਇਲਾਵਾ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਵਿਦੇਸ਼ੀ ਫੁੱਲ ਵੀ ਸਜਾਵਟ ਲਈ ਮੰਗਵਾਏ ਗਏ ਹਨ | ਇਸ ਮੌਕੇ ਮਲਕੀਤ ਸਿੰਘ ਮੈਨੇਜਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਮੀਤ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ, ਭੁਪਿੰਦਰ ਸਿੰਘ, ਸੁਖਬੀਰ ਸਿੰਘ, ਹਾਕਮ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |