ਖੰਨਾ, 27 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਇੱਕ ਮਹੱਤਵਪੂਰਨ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਤੇ ਪਾਰਟੀ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਲੰਮੀ ਵਿਚਾਰ ਚਰਚਾ ਕੀਤੀ | ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਮਾਲਵਾ, ਦੋਆਬਾ ਅਤੇ ਮਾਝਾ ਇਲਾਕਿਆਂ ਦੀ ਰਾਜਨੀਤੀ ਬਾਰੇ ਅਤੇ 2027 ਦੀਆਂ ਚੋਣਾਂ ਵਿਚ ਜਿੱਤਣ ਬਾਰੇ ਤੇ ਕੁੱਝ ਪ੍ਰਮੁੱਖ ਉਮੀਦਵਾਰਾਂ ਬਾਰੇ ਵੀ ਵਿਚਾਰ ਚਰਚਾ ਕੀਤੀ | ਇਸ ਮੌਕੇ ਪੰਜਾਬ ਦੇ ਭਵਿੱਖ, ਪ੍ਰਵਾਸੀ ਪੰਜਾਬੀਆਂ ਦੀਆਂ ਉਮੀਦਾਂ ਅਤੇ ਸੂਬੇ ਦੇ ਵਿਕਾਸ ਲਈ ਰਣਨੀਤਿਕ ਯੋਜਨਾ 'ਤੇ ਵਿਚਾਰ ਕੀਤਾ ਗਿਆ | ਗਿਲਜੀਆਂ ਨੇ ਬਘੇਲ ਨਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ | ਮੀਟਿੰਗ ਤੋਂ ਬਾਅਦ ਗਿਲਜੀਆਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਰਹਿੰਦੇ ਲੱਖਾਂ ਪ੍ਰਵਾਸੀ ਪੰਜਾਬੀ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚਿੰਤਾਂ 'ਚ ਹਨ ਅਤੇ ਉਹ ਸੂਬੇ ਵਿਚ ਬਦਲਾਅ ਲਈ ਕਾਂਗਰਸ ਪਾਰਟੀ ਵੱਲ ਉਮੀਦ ਨਾਲ ਦੇਖ ਰਹੇ ਹਨ | ਮੀਟਿੰਗ ਦੌਰਾਨ ਗਿਲਜੀਆਂ ਨੇ ਸੁਝਾਅ ਦਿੱਤਾ ਕਿ ਪਾਰਟੀ ਨੂੰ ਬੂਥ ਅਤੇ ਬਲਾਕ ਪੱਧਰ 'ਤੇ ਜ਼ਿਆਦਾ ਮਜ਼ਬੂਤ ਬਣਾਉਣ ਲਈ ਵਰਕਰਾਂ ਦੀ ਲਾਮਬੰਦੀ ਬਹੁਤ ਜ਼ਰੂਰੀ ਹੈ | ਭੁਪੇਸ਼ ਬਘੇਲ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਜਲਦ ਹੀ ਪੰਜਾਬ 'ਚ ਬੂਥ ਪੱਧਰ 'ਤੇ ਸਰਗਰਮੀਆਂ ਤੇਜ਼ ਕਰੇਗੀ ਤੇ 2027 ਦੀਆਂ ਚੋਣਾਂ ਜਿੱਤ ਕੇ ਸਰਕਾਰ ਬਣਾਏਗੀ |