ਚੰਡੀਗੜ੍ਹ, 2 ਮਈ (ਅਜੀਤ ਬਿਊਰੋ)-ਮਜ਼ਦੂਰ ਦਿਵਸ ਦੀ ਪੂਰਵ ਸੰਧਿਆ 'ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਕਰਵਾਏ ਇਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਚਿਤਵੇ ਗਏ ਸੰਵਿਧਾਨਕ ਢਾਂਚੇ ਦੀ ਰਾਖੀ ਕਰਦਿਆਂ ਭਾਰਤ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦੇ ਰਖਵਾਲੇ ਵਜੋਂ ਕੰਮ ਕਰਨ | ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਨੇ ਸੰਵਿਧਾਨਕ ਸਿਧਾਂਤਾਂ ਦੀ ਨਿਰੰਤਰ ਪ੍ਰਸੰਗਿਕਤਾ 'ਤੇ ਵਿਚਾਰ ਕਰਨ ਲਈ ਸ਼ਿਰਕਤ ਕੀਤੀ | ਬਾਬਾ ਸਾਹਿਬ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਤੇ ਇੱਕ ਦੂਰਅੰਦੇਸ਼ੀ ਅਰਥ ਸ਼ਾਸਤਰੀ ਵਜੋਂ ਉਨ੍ਹਾਂ ਦੇ ਬੇਮਿਸਾਲ ਯੋਗਦਾਨ 'ਤੇ ਚਾਨਣਾ ਪਾਇਆ ਤੇ ਕਿਹਾ ਕਿ ਉਨ੍ਹਾ ਨੇ ਦੇਸ਼ ਦੀਆਂ ਪ੍ਰਮੁੱਖ ਵਿੱਤੀ ਸੰਸਥਾਵਾਂ ਨੂੰ ਆਕਾਰ ਦੇਣ ਵਿੱਚ ਬੁਨਿਆਦੀ ਭੂਮਿਕਾ ਨਿਭਾਈ | ਜਮਹੂਰੀ ਸੰਸਥਾਵਾਂ ਨੂੰ ਦਰਪੇਸ਼ ਖਤਰਿਆਂ ਬਾਰੇ ਚਿੰਤਾ ਜ਼ਾਹਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਪੇਸ਼ੇਵਰਾਂ ਵਲੋਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਸਰਗਰਮੀ ਨਾਲ ਰਾਖੀ ਕਰਨ ਦੀ ਵੱਧ ਰਹੀ ਲੋੜ ਨੂੰ ਉਜਾਗਰ ਕੀਤਾ | ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਦੀ ਅਸਲ ਭਾਵਨਾ ਨੂੰ ਇਸ ਸਮੇਂ ਖ਼ਤਰਾ ਹੈ, ਜਿਸ ਕਾਰਨ ਜਮਹੂਰੀ ਸੰਸਥਾਵਾਂ ਦੀ ਰਾਖੀ ਵਿੱਚ ਵਕੀਲਾਂ ਦੀ ਭੂਮਿਕਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੋ ਗਈ ਹੈ | ਉਨ੍ਹਾਂ ਅੱਗੇ ਕਿਹਾ ਕਿ ਮਹਾਰਾਸ਼ਟਰ, ਬਿਹਾਰ, ਗੁਜਰਾਤ ਤੇ ਗੋਆ ਸਮੇਤ ਕਈ ਰਾਜਾਂ ਵਿਚ ਹਾਲ ਹੀ ਦੇ ਸਿਆਸੀ ਘਟਨਾਕ੍ਰਮ ਅਤੇ ਦਲ-ਬਦਲੀਆਂ, ਅਤੇ ਨਾਲ ਹੀ 'ਆਪ' ਦੇ ਰਾਜ ਸਭਾ ਮੈਂਬਰਾਂ ਨੂੰ ਸ਼ਾਮਿਲ ਕਰਨ ਦੀਆਂ ਕੋਸ਼ਿਸ਼ਾਂ, ਇੱਕ ਅਜਿਹੇ ਚਿੰਤਾਜਨਕ ਰੁਝਾਨ ਨੂੰ ਦਰਸਾਉਂਦੀਆਂ ਹਨ ਜੋ ਕਾਨੂੰਨੀ ਭਾਈਚਾਰੇ ਤੋਂ ਚੌਕਸੀ ਦੀ ਮੰਗ ਕਰਦਾ ਹੈ | ਦੇਸ਼ ਦੀ ਆਰਥਿਕ ਸਥਿਤੀ ਵੱਲ ਧਿਆਨ ਕੇਂਦਰਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਗੰਭੀਰ ਵਿੱਤੀ ਕੁਪ੍ਰਬੰਧ ਵੱਲ ਇਸ਼ਾਰਾ ਕੀਤਾ | ਪੰਜਾਬ ਵਿਚ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਦਰਸ਼ਤਾ ਅਤੇ ਸਮਾਜਿਕ ਨਿਆਂ ਨੂੰ ਸੰਸਥਾਗਤ ਰੂਪ ਦੇਣ ਲਈ ਚੁੱਕੇ ਗਏ ਕਦਮਾਂ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਨੇ ਐਡਵੋਕੇਟ ਜਨਰਲ ਦੇ ਦਫ਼ਤਰ 'ਚ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਰਾਖਵਾਂਕਰਨ ਨੀਤੀ ਲਾਗੂ ਕਰਕੇ ਇੱਕ ਕੌਮੀ ਮਿਸਾਲ ਕਾਇਮ ਕੀਤੀ ਹੈ |