ਐੱਸ. ਏ. ਐੱਸ. ਨਗਰ, 2 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਦੇ ਸਨੇਟਾ ਪਿੰਡ ਵਿਖੇ ਅੱਜ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਵਧਣ ਦਾ ਸੱਦਾ ਦਿੱਤਾ | ਉਨ੍ਹਾਂ ਇਹ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਰਗਰਮੀ ਨਾਲ ਇਕ ਅਜਿਹਾ ਮਾਹੌਲ ਸਿਰਜ ਰਹੀ ਹੈ, ਜਿਥੇ ਨੌਜਵਾਨ ਸੂਬਾ ਸਰਕਾਰ ਦੇ ਸਮਰਥਨ ਨਾਲ ਆਪਣਾ ਉੱਦਮ ਸ਼ੁਰੂ ਕਰ ਸਕਣ | ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵਿਚ ਜਾਣ ਦੀ ਜ਼ਰੂਰਤ ਖੁਦ-ਬ-ਖੁਦ ਖ਼ਤਮ ਹੋ ਰਹੀ ਹੈ, ਕਿਉਂਕਿ ਉਨ੍ਹਾਂ ਦੀ ਸਰਕਾਰ ਵਲੋਂ ਨੌਜਵਾਨਾਂ ਲਈ ਪੰਜਾਬ ਵਿਚ ਹੀ ਮੌਕੇ ਪੈਦਾ ਕੀਤੇ ਜਾ ਰਹੇ ਹਨ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ, ਕਿਉਂਕਿ ਉਹ ਸੂਬਾ ਸਰਕਾਰ ਵਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਈਰਖਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ 'ਆਪ' ਨੇ ਲੋਕਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਗਠਜੋੜ ਨੂੰ ਬੇਨਕਾਬ ਕਰਕੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਤੇ ਆਮ ਆਦਮੀ ਪਾਰਟੀ ਦੇ ਰਾਜ ਵਿਚ ਹੁਣ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋ ਰਹੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਉਹ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਆਗੂਆਂ ਦੀ ਦਲ ਬਦਲੀ ਵਿਰੁੱਧ ਸਖ਼ਤ ਉਪਬੰਧਾਂ ਦੀ ਮੰਗ ਕਰਨਗੇ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ, ਜਦਕਿ ਐਮ. ਪੀ. ਮਾਲਵਿੰਦਰ ਸਿੰਘ ਕੰਗ ਨੇ ਧੰਨਵਾਦ ਕੀਤਾ | ਪਿੰਡ ਦੀ ਪੰਚਾਇਤ ਨੇ ਮੁੱਖ ਮੰਤਰੀ ਵਲੋਂ 20 ਲੱਖ ਦੀ ਗ੍ਰਾਂਟ ਛੱਪੜ ਦੀ ਸਫ਼ਾਈ ਲਈ ਐਲਾਨਣ ਅਤੇ 20 ਲੱਖ ਰੁ. ਪਾਣੀ ਵਾਲੇ ਟਿਊਬਵੈੱਲ ਲਾਉਣ ਲਈ ਦੇਣ 'ਤੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ 'ਆਪ' ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਮਾਰਕੀਟ ਕਮੇਟੀ ਚੇਅਰਮੈਨ ਗੋਵਿੰਦਰ ਮਿੱਤਲ, ਡੀ. ਆਈ. ਜੀ. ਨਾਨਕ ਸਿੰਘ, ਡੀ. ਸੀ, ਮੁਹਾਲੀ ਕੋਮਲ ਮਿੱਤਲ, ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ, ਮਨਦੀਪ ਸਿੰਘ ਐਸ. ਈ. ਗਮਾਡਾ, ਦਰਸ਼ਨ ਕੁਮਾਰ ਜਿੰਦਲ ਐਸ. ਈ. ਬਿਜਲੀ, ਰੋਹਿਤ ਜਿੰਦਲ ਐਲ. ਏ. ਸੀ. ਗਮਾਡਾ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਮਹਿਲਾਵਾਂ ਹਾਜ਼ਰ ਸਨ |