ਚੰਡੀਗੜ੍ਹ, 2 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਨੇ ਅੱਜ 'ਆਪ' ਸਰਕਾਰ ਵਲੋਂ ਡੀ.ਏ. ਸਬੰਧੀ ਹੁਕਮਾਂ ਨੂੰ ਅਦਾਲਤ 'ਚ ਚੁਣੌਤੀ ਦੇਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ 'ਆਪ' ਦੇ ਮਜ਼ਦੂਰ ਹਿਤੈਸ਼ੀ ਹੋਣ ਬਾਰੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ | ਕਾਂਗਰਸ ਨੇ ਐਲਾਨ ਕੀਤਾ ਕਿ ਉਹ ਮੁਲਾਜ਼ਮਾਂ ਦੇ ਹੱਕ 'ਚ ਸੁਪਰੀਮ ਕੋਰਟ ਤੱਕ ਲੜੇਗੀ | ਸਰਕਾਰ ਦੇ ਇਸ ਕਦਮ ਦੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣਾ, ਜਿਨ੍ਹਾਂ ਵਿਚ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਦੇ ਪੈਟਰਨ ਮੁਤਾਬਿਕ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਦੇਣ ਲਈ ਕਿਹਾ ਗਿਆ ਸੀ, ਮੁਲਾਜ਼ਮ ਵਿਰੋਧੀ ਵੱਡਾ ਕਦਮ ਹੈ ਜਿਸਦੇ ਖ਼ਿਲਾਫ਼ ਕਾਂਗਰਸ ਡਟ ਕੇ ਲੜਾਈ ਲੜੇਗੀ |