੍ਰ੍ਰ• ਸੰਜੇ ਸਿੰਘ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 19 ਨੂੰ
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸਰਕਾਰ ਉਨ੍ਹਾਂ ਨੂੰ ਮਰਵਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਭਵਿੱਖ ਵਿਚ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਸੂਬਾ ਸਰਕਾਰ ਹੋਵੇਗੀ | ਬਿਕਰਮ ਸਿੰਘ ਮਜੀਠੀਆ ਅੱਜ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਆਏ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਵਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਦੇ ਧਿਆਨ ਵਿਚ ਇਹ ਸਾਰਾ ਮਾਮਲਾ ਲਿਆਂਦਾ ਹੈ ਪਰ ਮੈਨੂੰ ਕੋਈ ਵੀ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਵੀ ਉਨ੍ਹਾਂ ਨੂੰ ਧਮਕੀ ਆਈ ਹੈ | ਮਜੀਠੀਆ ਨੇ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਸੰਜੇ ਸਿੰਘ ਤੇ ਪੰਜਾਬ ਦੇ ਕੁਝ ਕੈਬਨਿਟ ਮੰਤਰੀ ਦੂਸਰੀਆਂ ਪਾਰਟੀਆਂ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਹਨ | ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼ ਹੋਏ | ਮਜੀਠੀਆ ਨੇ ਕਿਹਾ ਕਿ ਉਹ ਤਾਂ ਅਦਾਲਤ ਦੇ ਹੁਕਮ ਨਾਲ ਪੇਸ਼ ਹੋ ਗਏ ਹਨ, ਪਰ ਸੰਜੇ ਸਿੰਘ ਅੱਜ ਵੀ ਪੇਸ਼ ਨਹੀਂ ਹੋਏ | ਮਾਨਯੋਗ ਜੱਜ ਨੇ ਇਸ ਮਾਮਲੇ ਦੀ ਸੁਣਵਾਈ 19 ਮਈ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਮੌਕੇ ਸੀਨੀਅਰ ਐਡਵੋਕੇਟ ਡੀ. ਐਸ. ਸੋਬਤੀ, ਪਰਉਪਕਾਰ ਸਿੰਘ ਘੁੰਮਣ, ਯੂਥ ਆਗੂ ਜਸਦੀਪ ਸਿੰਘ ਕਾਉਂਕੇ ਸਮੇਤ ਭਾਰੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |
ਪੰਜਾਬ ਸਰਕਾਰ ਮੈਨੂੰ ਮਰਵਾਉਣ ਦੀਆਂ ਸਾਜਿਸ਼ਾਂ ਰਚ ਰਹੀ ਹੈ- ਮਜੀਠੀਆ
ਅਜੀਤ ਡੈਸਕ
05-05-2026