ਚੰਡੀਗੜ੍ਹ, 4 ਮਈ (ਅਜੀਤ ਬਿਊਰੋ) - ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ | ਮੀਟਿੰਗ ਦਾ ਮਕਸਦ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ ਜਿਸ 'ਚ ਲੰਬਿਤ ਪਏ ਕੰਮਾਂ ਵਿਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ | ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪਸ਼ਟ ਤੌਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ | ਪ੍ਰਬੰਧਕੀ ਸੁਸਤੀ ਦਾ ਗੰਭੀਰ ਨੋਟਿਸ ਲੈਂਦਿਆਂ ਵਿੱਤ ਮੰਤਰੀ ਨੇ ਉਨ੍ਹਾਂ ਥਾਵਾਂ 'ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਜਿੱਥੇ ਪਹਿਲੇ ਪੜਾਅ ਦੇ ਕੰਮ ਅਜੇ ਸ਼ੁਰੂ ਨਹੀਂ ਹੋਏ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਸਖ਼ਤ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਇਨ੍ਹਾਂ ਲਟਕ ਰਹੇ ਪ੍ਰੋਜੈਕਟਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ | ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅੱਗੇ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ | ਵਧੀਕ ਮੁੱਖ ਸਕੱਤਰ (ਯੋਜਨਾ) ਜਸਪ੍ਰੀਤ ਤਲਵਾੜ ਨੇ ਰੀਅਲ-ਟਾਈਮ ਟਰੈਕਿੰਗ ਤੇ ਸਖ਼ਤ ਨਿਗਰਾਨੀ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਹੁਕਮ ਦਿੱਤਾ ਕਿ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਨੂੰ ਰੋਜ਼ਾਨਾ ਆਧਾਰ 'ਤੇ ਅਧਿਕਾਰਤ ਪੋਰਟਲ 'ਤੇ ਅਪਡੇਟ ਕੀਤਾ ਜਾਣਾ ਲਾਜ਼ਮੀ ਹੈ |
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼
ਅਜੀਤ ਡੈਸਕ
05-05-2026