ਅੰਮਿ੍ਤਸਰ, 5 ਮਈ (ਜਸਵੰਤ ਸਿੰਘ ਜੱਸ)- ਗਰਮ ਖਿਆਲੀ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਖ਼ਾਲਸਾ ਪੰਥ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਜ਼ਰਅੰਦਾਜ਼ ਕਰ ਕੇ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅਪਮਾਨ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕਾਨੂੰਨ ਬਣਾਉਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ | ਪਾਰਟੀ ਦੀ ਵਰਕਿੰਗ ਕਮੇਟੀ ਇਕੱਤਰਤਾ ਵਿਚ ਆਗੂਆਂ ਨੇ ਸਪੱਸ਼ਟ ਲਕੀਰ ਖਿੱਚਦਿਆਂ ਕਿਹਾ ਕਿ ਸਿੱਖ ਧਰਮ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਸੰਬੰਧਿਤ ਕੇਂਦਰ ਜਾਂ ਕਿਸੇ ਰਾਜ ਸਰਕਾਰ ਵਲੋਂ ਬਣਾਇਆ ਕੋਈ ਵਿਸ਼ੇਸ਼ ਕਾਨੂੰਨ ਅਕਾਲ ਤਖ਼ਤ ਸਾਹਿਬ ਦੀ ਮਨਜ਼ੂਰੀ ਅਤੇ ਸਲਾਹ-ਮਸ਼ਵਰੇ ਤੋਂ ਬਿਨਾਂ ਸਿੱਖ ਪੰਥ ਨੂੰ ਪ੍ਰਵਾਨ ਨਹੀਂ ਅਤੇ ਨਾ ਹੋਵੇਗਾ | ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਕੋਈ ਵੀ ਸਰਕਾਰ ਸਿੱਖ ਪੰਥ ਨਾਲ ਸਲਾਹ ਕੀਤੇ ਬਿਨਾਂ ਸਿੱਖਾਂ ਲਈ, ਸਿੱਖਾਂ ਬਾਰੇ ਕਾਨੂੰਨ ਕਿਵੇਂ ਬਣਾ ਸਕਦੀ ਹੈ? ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ 8 ਮਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਸਮੇਂ ਖ਼ਾਲਸਾ ਪੰਥ ਦੀ ਇੱਛਾ ਨੂੰ ਦਿ੍ੜ੍ਹਤਾ ਨਾਲ ਰੱਖਣ | ਇਸ ਵਰਕਿੰਗ ਕਮੇਟੀ ਇਕੱਤਰਤਾ ਵਿਚ ਪਰਮਜੀਤ ਸਿੰਘ ਟਾਂਡਾ, ਗੁਰਨਾਮ ਸਿੰਘ, ਹਰਵਿੰਦਰ ਸਿੰਘ, ਰਣਬੀਰ ਸਿੰਘ, ਦਿਲਬਾਗ ਸਿੰਘ, ਮਾਨ ਸਿੰਘ, ਜਗਜੀਤ ਸਿੰਘ ਖੋਸਾ ਸਮੇਤ ਹੋਰ ਮੈਂਬਰ ਹਾਜ਼ਰ ਸਨ |
ਗੁਰੂ ਗ੍ਰੰਥ ਸਾਹਿਬ ਪ੍ਰਥਾਏ, ਅਕਾਲ ਤਖ਼ਤ ਸਾਹਿਬ ਦੀ ਸਲਾਹ ਮਨਜ਼ੂਰੀ ਤੋਂ ਬਿਨਾਂ ਕੋਈ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ-ਦਲ ਖ਼ਾਲਸਾ
ਅਜੀਤ ਡੈਸਕ
06-05-2026