ਤਲਵੰਡੀ ਸਾਬੋ, 5 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਅੰਦਰ 'ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਪਾਸ ਹੋਣ ਤੋਂ ਬਾਅਦ ਪੈਦਾ ਹੋਏ ਹਾਲਾਤ ਅਤੇ ਗ੍ਰੰਥੀ ਸਿੰਘਾਂ ਦੀਆਂ ਚਿੰਤਾਵਾਂ ਨੂੰ ਲੈ ਕੇ ਅੱਜ ਮਾਲਵੇ ਦੇ ਵੱਖ-ਵੱਖ ਇਲਾਕਿਆਂ ਤੋਂ ਗ੍ਰੰਥੀ ਸਿੰਘਾਂ ਦਾ ਇਕ ਵਫ਼ਦ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੂੰ ਮਿਲਣ ਪਹੁੰਚਿਆ ਤੇ ਮੁਲਾਕਾਤ ਦੌਰਾਨ ਗ੍ਰੰਥੀ ਸਿੰਘਾਂ ਵਲੋਂ ਸਿੰਘ ਸਾਹਿਬ ਨੂੰ ਇਕ ਵਿਸ਼ੇਸ਼ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਸਮੁੱਚੇ ਗ੍ਰੰਥੀ ਸਿੰਘਾਂ, ਪ੍ਰਚਾਰਕਾਂ ਨੇ ਖਦਸ਼ਾ ਜ਼ਾਹਰ ਕੀਤਾ ਕਿ ਪੰਜਾਬ ਸਰਕਾਰ ਵਲੋਂ ਪਾਸ ਕੀਤਾ ਗਿਆ ਐਕਟ ਸਿੱਖਾਂ ਦੇ ਧਾਰਮਿਕ ਮਾਮਲਿਆਂ ਅੰਦਰ ਸਿੱਧਾ ਦਖਲ ਹੈ ਅਤੇ ਇਸ ਨਾਲ ਬੇਅਦਬੀ ਦੇ ਮਾਮਲਿਆਂ ਅੰਦਰ ਦੋਸ਼ੀਆਂ ਨੂੰ ਸਜ਼ਾਵਾਂ ਉੱਤੇ ਕੇਂਦਿ੍ਤ ਹੋਣ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਥਾਂ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੰਗਤ, ਗ੍ਰੰਥੀ ਸਿੰਘਾਂ, ਉੱਤੇ ਵਧੇਰੀ ਜ਼ਿੰਮੇਵਾਰੀ ਤੈਅ ਕਰ ਦਿੱਤੀ ਗਈ ਹੈ | ਮੁਲਾਕਾਤ ਦੌਰਾਨ ਗ੍ਰੰਥੀ ਸਿੰਘਾਂ ਨੇ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਪੈਦਾ ਹੋਣ ਵਾਲੀਆਂ ਸੰਭਾਵੀ ਮੁਸ਼ਕਿਲਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ | ਗ੍ਰੰਥੀ ਸਿੰਘਾਂ ਦੇ ਵਫ਼ਦ ਨੇ ਕਿਹਾ ਕਿ ਨਵੇਂ ਐਕਟ ਦੇ ਪਾਸ ਹੋਣ ਨਾਲ ਸੰਗਤ ਵਿਚ ਡਰ ਪਾਇਆ ਜਾ ਰਿਹਾ ਹੈ | ਇਸੇ ਡਰ ਕਾਰਨ ਲੋਕ ਆਪਣੇ ਘਰਾਂ ਵਿਚੋਂ ਪਵਿੱਤਰ ਪੋਥੀਆਂ ਤੇ ਗੁਟਕਾ ਸਾਹਿਬ ਲਗਾਤਾਰ ਗੁਰਦੁਆਰਾ ਸਾਹਿਬਾਨ ਵਿਖੇ ਜਮ੍ਹਾ ਕਰਵਾ ਰਹੇ ਹਨ | ਵਫ਼ਦ ਨੇ ਖਦਸ਼ਾ ਪ੍ਰਗਟਾਇਆ ਕਿ ਕਿਸੇ ਵੀ ਮੰਦਭਾਗੀ ਘਟਨਾ ਜਾਂ ਅਣਗਹਿਲੀ ਦੀ ਸੂਰਤ ਵਿਚ, ਪ੍ਰਸ਼ਾਸਨ ਵਲੋਂ ਸਭ ਤੋਂ ਪਹਿਲਾਂ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਹੀ ਨਿਸ਼ਾਨਾ ਬਣਾਇਆ ਜਾਵੇਗਾ ਤੇ ਉਨ੍ਹਾਂ ਨੂੰ ਦੋਸ਼ੀ ਵਜੋਂ ਪੇਸ਼ ਕੀਤਾ ਜਾਵੇਗਾ | ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਗ੍ਰੰਥੀ ਸਿੰਘਾਂ ਦੀਆਂ ਦਲੀਲਾਂ ਨੂੰ ਬੜੇ ਧਿਆਨ ਨਾਲ ਸੁਣਿਆ | ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਜਿਹੜਾ ਕਾਨੂੰਨ ਸੰਗਤ ਨੂੰ ਗੁਰੂ ਤੋਂ ਦੂਰ ਕਰਦਾ ਹੈ ਉਹ ਕਦੇ ਵੀ ਪ੍ਰਵਾਨ ਨਹੀਂ ਹੋ ਸਕਦਾ | ਬਾਬਾ ਟੇਕ ਸਿੰਘ ਨੇ ਕਿਹਾ ਕਿ ਇਸੇ ਮਸਲੇ 'ਤੇ ਵਿਧਾਨ ਸਭਾ ਦੇ ਸਪੀਕਰ ਨੂੰ ਤਲਬ ਕੀਤਾ ਗਿਆ ਹੈ |
ਮਾਮਲਾ ਪੰਜਾਬ ਸਰਕਾਰ ਵਲੋਂ ਪਾਸ ਕੀਤੇ 'ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦਾ, ਗ੍ਰੰਥੀ ਸਿੰਘਾਂ ਨੇ ਜਥੇਦਾਰ ਬਾਬਾ ਟੇਕ ਸਿੰਘ ਨਾਲ ਮੁਲਾਕਾਤ ਦੌਰਾਨ ਪ੍ਰਗਟਾਏ ਕਈ ਖਦਸ਼ੇ, ਸੌਂਪਿਆ ਮੰਗ ਪੱਤਰ
ਅਜੀਤ ਡੈਸਕ
06-05-2026