ਚੰਡੀਗੜ੍ਹ, 8 ਮਈ (ਸੰਦੀਪ ਕੁਮਾਰ ਮਾਹਨਾ)-ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁਹਾਲੀ ਵਿਖੇ ਈ.ਡੀ. ਦੀ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਿਖਰਲੀ ਲੀਡਰਸ਼ਿਪ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਘਟਨਾ ਨੇ ਪਾਰਟੀ ਅੰਦਰ ਚੱਲ ਰਹੇ ਮਤਭੇਦਾਂ ਨੂੰ ਖੁੱਲ੍ਹ ਕੇ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਆਪਣੇ ਅੰਦਰੂਨੀ ਵਿਵਾਦਾਂ ਨੂੰ ਸੰਭਾਲਣ ਵਿਚ ਅਸਫ਼ਲ ਰਹੀ ਹੈ ਅਤੇ ਹਰ ਸਿਆਸੀ ਘਟਨਾ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣਾ ਉਸ ਦੀ ਆਦਤ ਬਣ ਚੁੱਕੀ ਹੈ। ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਜਾਖੜ ਨੇ ਕਿਹਾ ਕਿ ਈ.ਡੀ. ਦੀ ਜਾਂਚ ਅਜੇ ਜਾਰੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਅੰਤਿਮ ਸੱਚ ਸਾਹਮਣੇ ਆਵੇਗਾ, ਪਰ ਮੁਹਾਲੀ ਵਿਚ ਛਾਪਿਆਂ ਦੀ ਖ਼ਬਰ ਸਾਹਮਣੇ ਆਉਣ ਦੇ ਤੁਰੰਤ ਬਾਅਦ ਮੁੱਖ ਮੰਤਰੀ ਵਲੋਂ ਇਹ ਕਹਿਣਾ ਕਿ ਸਾਡਾ ਇਸ ਨਾਲ ਕੋਈ ਸਬੰਧ ਨਹੀਂ, ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ।