ਸ਼੍ਰੋਮਣੀ ਕਮੇਟੀ ਵਲੋਂ ਫਰਵਰੀ 2027 'ਚ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਮਨਾਈ ਜਾਵੇਗੀ-ਧਾਮੀ
ਅਜੀਤ ਡੈਸਕ
10-05-2026
ਅੰਮਿ੍ਤਸਰ, 9 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਫਰਵਰੀ 2027 ਵਿਚ ਵੱਡੇ ਪੱਧਰ 'ਤੇ ਮਨਾਈ ਜਾਵੇਗੀ | ਇਹ ਪ੍ਰਗਟਾਵਾ ਅੱਜ ਇਥੇ ਮੁੱਖ ਦਫਤਰ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ 'ਚ 20 ਫ਼ਰਵਰੀ 2027 ਨੂੰ ਆ ਰਹੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੁੱਖ ਸ਼ਤਾਬਦੀ ਸਮਾਗਮ 18 ਤੋਂ 20 ਫਰਵਰੀ 2027 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ | ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜੀਵਨ, ਫ਼ਸਲਫ਼ੇ ਅਤੇ ਗੁਰਬਾਣੀ ਸੰਬੰਧੀ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ 6 ਸੈਮੀਨਾਰ ਕਰਵਾਉਣ ਤੇ ਵੱਖ-ਵੱਖ ਅਸਥਾਨਾਂ 'ਤੇ 8 ਮਹਾਨ ਕੀਰਤਨ ਦਰਬਾਰ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ | ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਗੋਵਰਧਨਪੁਰ (ਵਾਰਾਨਸੀ) ਤੋਂ ਵਿਸ਼ੇਸ਼ ਨਗਰ ਕੀਰਤਨ ਵੀ ਸਜਾਇਆ ਜਾਵੇਗਾ | ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰੇ ਜਾਣ ਦੇ ਮਾਮਲੇ ਵਿਚ ਪ੍ਰਧਾਨ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਕਾਨੂੰਨੀ ਨੋਟਿਸ ਭੇਜੇ ਜਾਣ ਮਗਰੋਂ 'ਨੈਸ਼ਨਲ ਟੈਸਟਿੰਗ ਏਜੰਸੀ' ਵਲੋਂ ਅਜਿਹੀਆਂ ਘਟਨਾਵਾਂ ਦੀ ਮੁਆਫ਼ੀ ਮੰਗਦਿਆਂ ਭਵਿੱਖ ਵਿਚ ਅਜਿਹਾ ਨਾ ਹੋਣ ਸੰਬੰਧੀ ਪੱਤਰ ਭੇਜਿਆ ਹੈ | ਅੱਜ ਦੀ ਇਕੱਤਰਤਾ 'ਚ ਪ੍ਰਧਾਨ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਖ਼ਸ਼ ਸਿੰਘ ਖ਼ਾਲਸਾ, ਬਲਜੀਤ ਸਿੰਘ ਜਲਾਲਉਸਮਾਂ, ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ, ਬਲਵਿੰਦਰ ਸਿੰਘ ਵੇਈਾਪੂਈਾ, ਹਰਪਾਲ ਸਿੰਘ ਜੱਲ੍ਹਾ, ਅਵਤਾਰ ਸਿੰਘ ਰਿਆ, ਗੁਰਨਾਮ ਸਿੰਘ ਜੱਸਲ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਮੀਤ ਸਿੰਘ ਮੁਕਤਸਰੀ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਹਾਜ਼ਰ ਸਨ |