ਜਲੰਧਰ ਛਾਉਣੀ, 9 ਮਈ (ਪਵਨ ਖਰਬੰਦਾ)-ਆਰਮੀ ਪਬਲਿਕ ਸਕੂਲ ਜਲੰਧਰ ਛਾਉਣੀ ਵਿਚ ਸੰਸਕਿ੍ਤ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦੇ ਸੰਬੰਧ ਵਿਚ ਅੱਜ ਇੱਥੇ ਸਕੂਲ ਦੀ ਪਿ੍ੰਸੀਪਲ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੇ ਮੁਲਾਕਾਤ ਕੀਤੀ | ਇਸ ਮੁਲਾਕਾਤ ਵਿਚ ਉਨ੍ਹਾਂ ਨੇ ਛੇਵੀਂ ਜਮਾਤ ਤੋਂ ਹੀ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਲਈ ਬੇਨਤੀ ਕੀਤੀ | ਇਸ ਮੁਲਾਕਾਤ ਤੋਂ ਬਾਅਦ ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਦੇ ਸੰਚਾਲਕ ਮਹਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮਾਪਿਆਂ ਵਲੋਂ ਪਿ੍ੰਸੀਪਲ ਨੂੰ ਦੱਸਿਆ ਗਿਆ ਹੈ ਕਿ ਆਰਮੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਦਾ ਸੰਸਕਿ੍ਤ ਪੜ੍ਹਾਉਣ ਸੰਬੰਧੀ ਫ਼ੈਸਲਾ ਸਰਾਸਰ ਗ਼ਲਤ ਹੈ ਕਿਉਂਕਿ ਨਵੀਂ ਸਿੱਖਿਆ ਨੀਤੀ ਅਨੁਸਾਰ ਤਿੰਨ ਭਾਸ਼ਾਵਾਂ ਪੜ੍ਹਾਉਣ ਦੀ ਪੇਸ਼ਕਸ਼ ਕੀਤੀ ਗਈ ਹੈ | ਜਿਸ ਵਿਚ ਖੇਤਰੀ ਭਾਸ਼ਾ ਪੜ੍ਹਾਉਣੀ ਲਾਜ਼ਮੀ ਹੈ ਪ੍ਰੰਤੂ ਆਰਮੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਨੇ ਸਿੱਖਿਆ ਨੀਤੀ ਦੀਆਂ ਸਿਫ਼ਾਰਸ਼ਾਂ ਵੀ ਪਾਸੇ ਰੱਖ ਕੇ ਪੰਜਾਬੀ ਭਾਸ਼ਾ ਨੂੰ ਚੌਥੀ ਐਡੀਸ਼ਨਲ ਭਾਸ਼ਾ ਬਣਾ ਦਿੱਤਾ ਗਿਆ ਹੈ ਤੇ ਇਹ ਵੀ ਕਿਹਾ ਗਿਆ ਹੈ ਕਿ 9ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀ ਪੰਜਾਬੀ ਸਮੇਤ ਖੇਤਰੀ ਭਾਸ਼ਾਵਾਂ ਵਿਚ ਰਜਿਸਟਰੇਸ਼ਨ ਤਾਂ ਕਰਵਾ ਸਕਦੇ ਹਨ ਪਰ ਸਕੂਲ ਉਨ੍ਹਾਂ ਲਈ ਕੋਈ ਅਧਿਆਪਕ ਮੁਹੱਈਆ ਨਹੀਂ ਕਰਵਾਏਗਾ | ਉਨ੍ਹਾਂ ਕਿਹਾ ਕਿ ਇਹ ਤਬਦੀਲੀ ਸਪਸ਼ਟ ਰੂਪ ਵਿਚ ਕੌਮੀ ਸਿੱਖਿਆ ਨੀਤੀ-2020 ਦੇ ਵੀ ਉਲਟ ਹੈ | ਆਪਣੀ ਗੱਲ ਜਾਰੀ ਰੱਖਦੇ ਹੋਏ ਮਹਿੰਦਰ ਸਿੰਘ ਸੇਖੋਂ ਨੇ ਇਸ ਫ਼ੈਸਲੇ ਨੂੰ ਨਾ ਸਿਰਫ਼ ਪੰਜਾਬੀ ਭਾਸ਼ਾ ਤੇ ਪੰਜਾਬ ਦੇ ਭਾਸ਼ਾ ਕਾਨੂੰਨ-2008 ਦੀ ਉਲੰਘਣਾ ਕਰਾਰ ਦਿੱਤਾ ਹੈ, ਸਗੋਂ ਸਿੱਖਿਆ ਨੀਤੀ-2020 ਅਤੇ ਨੈਸ਼ਨਲ ਕਰਿਕੁਲਮ ਫਰੇਮ ਵਰਕ ਦੀਆਂ ਭਾਵਨਾਵਾਂ ਦੇ ਵੀ ਖ਼ਿਲਾਫ਼ ਦੱਸਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਸ਼ਾ ਕਾਨੂੰਨ 'ਦ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ' (ਅਮੈਂਡਮੈਂਟ) ਐਕਟ 2008 ਅਨੁਸਾਰ ਪੰਜਾਬ ਦੇ ਹਰ ਸਕੂਲ ਵਿਚ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਨਾ ਸਿਰਫ਼ ਛੇਵੀਂ ਜਮਾਤ ਤੋਂ ਸਗੋਂ ਇਸ ਵਾਰ ਨੌਵੀਂ ਦਸਵੀਂ ਜਮਾਤ ਵਿਚ ਵੀ ਪੰਜਾਬੀ ਦੀ ਪੜ੍ਹਾਈ ਬੰਦ ਕਰ ਦਿੱਤੀ ਗਈ ਹੈ | ਮਾਪਿਆਂ ਨੇ ਸਕੂਲ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਦਾ ਖ਼ਿਆਲ ਰੱਖਦੇ ਹੋਏ ਐਜੂਕੇਸ਼ਨ ਸੁਸਾਇਟੀ ਨੂੰ ਚਾਹੀਦਾ ਹੈ ਕਿ ਉਹ ਇਹ ਫ਼ੈਸਲਾ ਤੁਰੰਤ ਵਾਪਸ ਲਵੇ ਕਿਉਂਕਿ ਉਹ ਪੰਜਾਬ ਵਿਚ ਨੌਕਰੀ ਕਰਨ ਦੇ ਤਾਂ ਹੀ ਕਾਬਲ ਹੋ ਸਕਣਗੇ ਜੇਕਰ ਉਨ੍ਹਾਂ ਨੇ ਦਸਵੀਂ ਜਮਾਤ ਤੱਕ ਪੰਜਾਬੀ ਲਾਜ਼ਮੀ ਵਿਸ਼ੇ ਵਜੋਂ ਪੜ੍ਹੀ ਹੋਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਜਸਵਿੰਦਰ ਕੌਰ, ਏਕਤਾ ਦੇਵੀ, ਮਨਦੀਪ ਕੌਰ ਤੇ ਸਰਬਜੀਤ ਕੌਰ ਆਦਿ ਬੱਚਿਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |