12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਨੂੰ ਸੁਝਾਅ

Ad Position 21
No active advertisement
ਅਜੀਤ ਡੈਸਕ 13-05-2026

ਕਿਹਾ, ਗ੍ਰੰਥੀ ਸਿੰਘ ਕੌਮ ਦੀ ਰੀੜ੍ਹ ਦੀ ਹੱਡੀ ਵਾਂਗ ਹਨ, ਜਿਨ੍ਹਾਂ ਨੂੰ ਕਿਸੇ ਕਾਨੂੰਨ ਨਾਲ ਭੈਅ-ਭੀਤ ਨਹੀਂ ਕਰਨਾ ਚਾਹੀਦਾ
ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਦੇ ਸਬੰਧ ਵਿਚ ਕਈ ਸਿੱਖ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਵਧੀਕ ਮੁੱਖ ਗ੍ਰੰਥੀ ਸਾਹਿਬਾਨ ਵਲੋਂ ਅੱਜ ਵਿਸ਼ੇਸ਼ ਇਕੱਤਰਤਾ ਕਰਕੇ ਇਸ ਮਾਮਲੇ 'ਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਉਪਰੰਤ ਜਾਰੀ ਬਿਆਨ ਰਾਹੀਂ ਸਮੂਹ ਸਿੰਘ ਸਾਹਿਬਾਨ ਨੇ ਮੁੱਖ ਮੰਤਰੀ ਪੰਜਾਬ ਨੂੰ ਸੁਝਾਅ ਦਿੱਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ, ਪਾਪੀ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦਾ ਕਾਨੂੰਨ ਬਿਨਾਂ ਸ਼ੱਕ ਕੌਮ ਦੇ ਹੱਕ ਵਿਚ ਹੈ, ਪਰੰਤੂ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਯਾਦਾ ਸਬੰਧੀ ਮਾਮਲਿਆਂ 'ਚ ਕਾਨੂੰਨੀ ਦਾਇਰੇ ਵਿਚ ਲਿਆਉਣਾ ਅਤਿ ਇਤਰਾਜ਼ਯੋਗ ਹੈ | ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਸਲੇ 'ਤੇ ਵਿਚਾਰ-ਮੰਥਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿਚ ਸੋਧਾਂ ਕਰਨਾ ਕੌਮ ਦੇ ਭਲੇ ਵਿਚ ਹੈ, ਜਿਸ 'ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ | ਸਿੰਘ ਸਾਹਿਬਾਨ ਨੇ ਕੌਮ ਦੇ ਗ੍ਰੰਥੀ ਸਿੰਘਾਂ ਵਲੋਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾਦਾਰ ਧਿਰ ਗ੍ਰੰਥੀ ਸਿੰਘ ਕੌਮ ਦੀ ਰੀੜ੍ਹ ਦੀ ਹੱਡੀ ਵਾਂਗ ਹਨ, ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨ ਨਾਲ ਭੈਅ-ਭੀਤ ਨਹੀਂ ਕਰਨਾ ਚਾਹੀਦਾ, ਸਗੋਂ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ ਜਿਸ ਨੂੰ ਪ੍ਰਚਾਰਨ ਅਤੇ ਪਾਲਣਾ ਲਈ ਗ੍ਰੰਥੀ ਸਿੰਘ ਸਾਹਿਬਾਨ ਇਸ ਦੀ ਪ੍ਰੋੜ੍ਹਤਾ ਕਰਨ | ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਕੇਵਲ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੇ ਆਧਾਰ 'ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲੇ ਪੈਰੋਲ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮਜੀਠੀਆ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
Ad Position 24