ਹਾਈਵੇਅ 'ਤੇ ਲਾਸ਼ ਰੱਖ ਕੇ ਪਰਿਵਾਰ ਨੇ ਲਾਇਆ ਧਰਨਾ
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਝੋਕ ਡਿਪੂਲਾਨਾ ਵਿਖੇ ਇਕ 16 ਸਾਲਾ ਨੌਜਵਾਨ ਪਰਮਜੀਤ ਸਿੰਘ ਉਰਫ਼ ਬੌਬੀ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਤੋਂ ਬਾਅਦ ਇਲਾਕੇ ਵਿਚ ਤਣਾਅ ਪੈਦਾ ਹੋ ਗਿਆ ਹੈ | ਗ਼ੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਲਾਸ਼ ਰੱਖ ਕੇ ਹਾਈਵੇਅ ਜਾਮ ਕਰ ਦਿੱਤਾ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਮਿ੍ਤਕ ਦੇ ਭਰਾ ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਰਾਤ ਵੇਲੇ ਕੁੱਝ ਨੌਜਵਾਨ ਪਰਮਜੀਤ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ ਅਤੇ ਉਸ ਨੂੰ ਨਸ਼ਾ ਕਰਨ ਲਈ ਮਜਬੂਰ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਅਗਲੇ ਦਿਨ ਉਸ ਦੀ ਲਾਸ਼ ਖੇਤਾਂ ਵਿਚੋਂ ਬਰਾਮਦ ਹੋਈ | ਪਰਿਵਾਰ ਨੇ ਇਸ ਨੂੰ ਇਕ ਸੋਚੀ-ਸਮਝੀ ਹੱਤਿਆ ਕਰਾਰ ਦਿੰਦਿਆਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ | ਧਰਨਾਕਾਰੀਆਂ ਨੇ ਪ੍ਰਸ਼ਾਸਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ 6 ਮਹੀਨਿਆਂ ਵਿਚ ਪਿੰਡ ਦੇ 5 ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ, ਪਰ ਪੁਲਿਸ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ | ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਸਤਿੰਦਰ ਕੁਮਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਜਾਵੇਗਾ |
ਫ਼ਾਜ਼ਿਲਕਾ 'ਚ ਨਸ਼ੇ ਕਾਰਨ ਨੌਜਵਾਨ ਦੀ ਮੌਤ
ਅਜੀਤ ਡੈਸਕ
14-05-2026