ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੇ ਕੁਨਬੇ 'ਚ ਅੱਜ ਉਸ ਵੇਲੇ ਹੋਰ ਵਾਧਾ ਹੋਇਆ, ਜਦੋਂ ਸਾਬਕਾ ਆਈ.ਏ.ਐਸ. ਅਧਿਕਾਰੀ ਡਾ. ਸਵਰਨ ਸਿੰਘ ਪਾਰਟੀ ਵਿਚ ਸ਼ਾਮਲ ਹੋ ਗਏ | ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕੀਤਾ | ਇਸ ਮੌਕੇ ਪੰਜਾਬ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਡਾ. ਸਵਰਨ ਸਿੰਘ ਪੰਜਾਬ ਸਰਕਾਰ ਵਿਚ ਕਈ ਅਹਿਮ ਅਤੇ ਪ੍ਰਸ਼ਾਸਨਿਕ ਅਹੁਦਿਆਂ 'ਤੇ ਰਹਿੰਦਿਆਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ | ਪ੍ਰਸ਼ਾਸਨਿਕ ਖੇਤਰ ਵਿਚ ਇੱਕ ਲੰਮਾ ਤੇ ਵਧੀਆ ਤਜਰਬਾ ਰੱਖਣ ਦੇ ਨਾਲ-ਨਾਲ ਉਨ੍ਹਾਂ ਦਾ ਸਮਾਜਿਕ ਤੇ ਸਿਆਸੀ ਖੇਤਰ ਵਿਚ ਵੀ ਚੰਗਾ ਪ੍ਰਭਾਵ ਹੈ | ਜ਼ਿਕਰਯੋਗ ਹੈ ਕਿ ਡਾ. ਸਵਰਨ ਸਿੰਘ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਫ਼ਰੀਦਕੋਟ ਸੀਟ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਵੀ ਲੜ ਚੁੱਕੇ ਹਨ | ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡਾ. ਸਵਰਨ ਸਿੰਘ ਵਰਗੇ ਤਜਰਬੇਕਾਰ ਪ੍ਰਸ਼ਾਸਨਿਕ ਅਧਿਕਾਰੀ ਦੇ ਪਾਰਟੀ ਵਿਚ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ, ਖਾਸ ਕਰਕੇ ਮਾਲਵਾ ਖੇਤਰ ਵਿਚ ਹੋਰ ਮਜ਼ਬੂਤੀ ਮਿਲੇਗੀ |