ਚੰਡੀਗੜ੍ਹ, 21 ਮਈ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ | ਇੱਥੇ ਅੱਜ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰਮਚਾਰੀਆਂ ਦੀ 35 ਮੈਂਬਰੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਮੇਰੇ ਨਾਲ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ | ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੱਲਬਾਤ ਦੌਰਾਨ ਕਈ ਮੰਗਾਂ ਦਾ ਹੱਲ ਕਰ ਲਿਆ ਗਿਆ, ਜਦੋਂਕਿ ਕਾਨੂੰਨੀ ਤੇ ਚੋਣ ਜ਼ਾਬਤੇ ਨਾਲ ਸਬੰਧਿਤ ਕੁੱਝ ਮੁੱਦਿਆਂ 'ਤੇ ਅਗਲੇਰੀ ਪ੍ਰਕਿਰਿਆਤਮਕ ਵਿਚਾਰ ਵਟਾਂਦਰੇ ਦੀ ਲੋੜ ਹੈ | ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਸਹਿਮਤੀ ਨਾਲ ਇਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਜੋ ਸਾਰੀਆਂ ਲੰਬਿਤ ਮੰਗਾਂ ਦੀ ਜਾਂਚ ਕਰੇਗੀ ਅਤੇ ਇਕ ਸਥਾਈ ਤੇ ਵਿਵਹਾਰਿਕ ਹੱਲ ਲਈ ਕੰਮ ਕਰੇਗੀ | ਮੰਤਰੀ ਨੇ ਕਿਹਾ ਕਿ ਸਰਕਾਰ ਨੇ ਬਾਕੀ ਰਹਿੰਦੇ ਮੁੱਦਿਆਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਇਕ ਮਹੀਨੇ ਦੀ ਸਮਾਂ-ਸੀਮਾ ਤੈਅ ਕੀਤੀ ਹੈ | ਪਿਛਲੇ ਦੋ-ਤਿੰਨ ਦਿਨਾਂ ਦੌਰਾਨ ਹੋਈ ਵਿਸਤਿ੍ਤ ਚਰਚਾ ਤੋਂ ਬਾਅਦ, ਸਾਰੀਆਂ ਯੂਨੀਅਨਾਂ ਸਰਕਾਰ ਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰ ਤੇ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਲਈ ਸਮਾਂ ਦੇਣ 'ਤੇ ਸਹਿਮਤ ਹੋ ਗਈਆਂ ਹਨ |
ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ <br/>
ਅਜੀਤ ਡੈਸਕ
22-05-2026