ਅਬੋਹਰ, 23 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਚੋਣਾਂ ਤੋਂ ਤਿੰਨ ਦਿਨ ਪਹਿਲਾਂ ਅਬੋਹਰ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾ ਗਈ ਹੈ | ਥਾਣਾ ਸਿਟੀ 1 ਪੁਲਿਸ ਨੇ ਵਾਰਡ ਨੰਬਰ 49 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਦਨ ਲਾਲ ਦੇ ਪੁੱਤਰ ਸਣੇ 9 ਲੋਕਾਂ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਤੇ ਮਾਹੌਲ ਖ਼ਰਾਬ ਕਰਨ ਦੇ ਦੋਸ਼ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੇ ਭਾਜਪਾ ਉਮੀਦਵਾਰ ਦੇ ਪੁੱਤਰ ਸਣੇ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਵੀ ਕਰ ਲਿਆ ਹੈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਆਪਣੇ ਸਮਰਥਕਾਂ ਸਣੇ ਥਾਣਾ ਸਿਟੀ 1 ਪਹੁੰਚੇ | ਉਨ੍ਹਾਂ ਥਾਣਾ ਮੁਖੀ ਮਨਿੰਦਰ ਸਿੰਘ ਨਾਲ ਗੱਲਬਾਤ ਉਪਰੰਤ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਲਈ ਡੀ.ਆਈ.ਜੀ. ਪੰਜਾਬ ਅਤੇ ਐੱਸ.ਐੱਸ.ਪੀ. ਫ਼ਾਜ਼ਿਲਕਾ ਜਾਣੂ ਕਰਵਾਇਆ | ਥਾਣੇ ਦੇ ਬਾਹਰ ਗੱਲਬਾਤ ਕਰਦੇ ਹੋਏ ਵਿਧਾਇਕ ਸੰਦੀਪ ਜਾਖੜ ਨੇ ਸੱਤਾ ਧਿਰ 'ਤੇ ਤਿੱਖਾ ਹਮਲਾ ਬੋਲਦੇ ਕਿਹਾ ਕਿ ਚੋਣ ਦੇ ਸਮੇਂ ਅਜਿਹੀ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਹੋਏ ਇਕ ਝਗੜੇ ਵਿਚ ਸ਼ੁਭਮ ਕੁਮਾਰ ਪੁੱਤਰ ਵਿਜੇ ਕੁਮਾਰ ਬੁਰੀ ਤਰ੍ਹਾਂ ਜ਼ਖ਼ਮੀ ਹੋਇਆ ਸੀ ਜੋ ਕਿ ਅਬੋਹਰ ਦੇ ਸਰਕਾਰੀ ਹਸਪਤਾਲ ਦਾਖਲ ਹੈ | ਜਿਸ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰਬਰ 154 ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਅਸੀਂ ਮਾਮਲੇ ਵਿਚ ਨਾਮਜ਼ਦ ਆਕਾਸ਼ ਉਰਫ਼ ਭਾਲੂ ਅਤੇ ਪਵਨ ਕੁਮਾਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਅਬੋਹਰ ਵਿਚ ਭਾਜਪਾ ਉਮੀਦਵਾਰ ਦੇ ਪੁੱਤਰ ਸਣੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ, 2 ਗਿ੍ਫ਼ਤਾਰ <br/>
ਅਜੀਤ ਡੈਸਕ
24-05-2026