ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਅੱਗੇ ਵੋਟਰਾਂ ਦੀ ਸਹੂਲਤ ਦਾ ਮੁੱਦਾ ਉਠਾਉਂਦਿਆਂ ਕਿਹਾ ਹੈ ਕਿ ਤੇਜ਼ ਗਰਮੀ ਦੇ ਮੌਸਮ ਵਿਚ ਮੌਜੂਦਾ ਵੋਟਿੰਗ ਸਮਾਂ ਲੋਕਾਂ ਦੀ ਹਿੱਸੇਦਾਰੀ 'ਤੇ ਅਸਰ ਪਾ ਸਕਦਾ ਹੈ | ਪਾਰਟੀ ਨੇ ਮੰਗ ਕੀਤੀ ਹੈ ਕਿ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਮਤਦਾਨ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਦੀ ਬਜਾਏ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਕੀਤੀ ਅਪੀਲ 'ਚ ਕਿਹਾ ਹੈ ਕਿ ਪੰਜਾਬ ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਵਿਚ ਹੈ ਅਤੇ ਦੁਪਹਿਰ ਵੇਲੇ ਤਾਪਮਾਨ ਕਾਫ਼ੀ ਵੱਧ ਜਾਣ ਕਾਰਨ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ | ਮੌਜੂਦਾ ਵੋਟਿੰਗ ਸਮਾਂ ਖ਼ਾਸ ਕਰਕੇ ਦੁਪਹਿਰ ਤੋਂ ਬਾਅਦ ਵੋਟਰਾਂ ਦੀ ਗਿਣਤੀ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਮਤਦਾਨ ਫ਼ੀਸਦੀ ਘਟਣ ਦੀ ਸੰਭਾਵਨਾ ਹੈ | ਡਾ. ਚੀਮਾ ਨੇ ਕਿਹਾ ਕਿ ਵੋਟਿੰਗ ਦਾ ਸਮਾਂ ਵਧਾਉਣ ਨਾਲ ਬਜ਼ੁਰਗ ਨਾਗਰਿਕਾਂ, ਔਰਤਾਂ ਤੇ ਹੋਰ ਕਮਜ਼ੋਰ ਵਰਗਾਂ ਨੂੰ ਸਵੇਰੇ ਜਾਂ ਸ਼ਾਮ ਦੇ ਠੰਢੇ ਸਮੇਂ ਦੌਰਾਨ ਵੋਟ ਪਾਉਣ ਦੀ ਸਹੂਲਤ ਮਿਲੇਗੀ | ਇਸ ਨਾਲ ਨਾ ਸਿਰਫ਼ ਵੱਧ ਮਤਦਾਨ ਨੂੰ ਉਤਸ਼ਾਹ ਮਿਲੇਗਾ, ਸਗੋਂ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਵੀ ਧਿਆਨ ਵਿਚ ਰੱਖਿਆ ਜਾ ਸਕੇਗਾ | ਡਾ. ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਲੋਕ ਹਿੱਸੇਦਾਰੀ ਯਕੀਨੀ ਬਣਾਉਣ ਲਈ ਵਿਹਾਰਕ ਅਤੇ ਮਾਨਵਤਾਵਾਦੀ ਦਿ੍ਸ਼ਟੀਕੋਣ ਅਪਣਾਉਣਾ ਚਾਹੀਦਾ ਹੈ |
ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ 'ਚ ਵੋਟਰਾਂ ਦੀ ਸਹੂਲਤ ਲਈ ਵੋਟਿੰਗ ਸਮਾਂ ਵਧਾਉਣ ਦੀ ਅਪੀਲ, ਦਿਹਾੜੀਦਾਰਾਂ ਤੇ ਬਜ਼ੁਰਗਾਂ ਦੀ ਸਹੂਲਤ ਲਈ ਵੋਟਿੰਗ ਸਮਾਂ ਵਧਾਇਆ ਜਾਵੇ-ਡਾ. ਚੀਮਾ
ਅਜੀਤ ਡੈਸਕ
25-05-2026