ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਵਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ | ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, 'ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਜਿਲਿ੍ਹਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ | ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮਿ੍ਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਵਿਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲਿ੍ਹਆਂ ਵਿਖੇ ਲਾਗੂ ਹੋਵੇਗਾ | ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜਿਲਿ੍ਹਆਂ ਵਿਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜਬੂਤ ਕੀਤਾ ਗਿਆ ਹੈ |
ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਯਕੀਨੀ-ਸੌਂਦ <br/>
ਅਜੀਤ ਡੈਸਕ
25-05-2026