ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਚੋਣ ਅਧਿਕਾਰੀ ਵਲੋਂ ਭਾਜਪਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਸਬੰਧ ਵਿਚ ਨੋਟਿਸ ਭੇਜ ਕੇ ਉਨ੍ਹਾਂ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਤੌਰ 'ਤੇ ਸਪਸ਼ਟੀਕਰਨ ਮੰਗਿਆ ਗਿਆ ਹੈ | ਨਗਰ ਨਿਗਮ ਅਬੋਹਰ ਦੇ ਚੋਣ ਅਧਿਕਾਰੀ ਰਵਿੰਦਰ ਸਿੰਘ ਅਰੋੜਾ ਨੇ 25 ਮਈ ਨੂੰ ਪੱਤਰ ਨੰਬਰ 702 ਜਾਰੀ ਕਰ ਦੱਸਿਆ ਕਿ ਵਾਰਡ ਨੰਬਰ 32 ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਨੇਹਲਤਾ ਨੇ ਉਨ੍ਹਾਂ ਨੂੰ ਸ਼ਿਕਾਇਤ ਪੱਤਰ ਦਿੱਤਾ ਸੀ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵਲੋਂ 25 ਮਈ ਨੂੰ ਸ਼ਾਮ ਸਾਢੇ ਚਾਰ ਵਜੇ ਵਾਰਡ ਨੰਬਰ 32 'ਚ ਚੋਣ ਜ਼ਾਬਤੇ ਦੀ ਉਲੰਘਣਾ ਕਰ ਵੱਡਾ ਇਕੱਠ ਕਰਕੇ ਭਾਜਪਾ ਉਮੀਦਵਾਰ ਦੇ ਹੱਕ 'ਚ ਚੋਣ ਰੈਲੀ ਕੀਤੀ ਸੀ | ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਨੇਹਲਤਾ ਦੀ ਇਸ ਸ਼ਿਕਾਇਤ 'ਤੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਉਨ੍ਹਾਂ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਸਪਸ਼ਟੀਕਰਨ ਮੰਗਿਆ ਗਿਆ ਹੈ |