ਚੰਡੀਗੜ੍ਹ, 26 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਮੰਗੀ ਗਈ ਚਾਰ ਹਫ਼ਤਿਆਂ ਦੀ ਪੈਰੋਲ ਦਾ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸਖਤ ਵਿਰੋਧ ਕੀਤਾ | ਸੀ.ਬੀ.ਆਈ. ਨੇ ਅਦਾਲਤ 'ਚ ਦਾਖ਼ਲ ਆਪਣੇ ਜਵਾਬ ਵਿਚ ਕਿਹਾ ਕਿ ਭਾਈ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਸੂਰਤ 'ਚ ਉਸ ਦੇ ਫ਼ਰਾਰ ਹੋਣ ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਮੁੜ ਜੁੜਨ ਦਾ ਗੰਭੀਰ ਖ਼ਤਰਾ ਹੈ | ਮਾਮਲੇ ਦੀ ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਅਦਾਲਤ ਨੂੰ ਦੱਸਿਆ ਕਿ ਹਵਾਰਾ ਦਾ ਅਪਰਾਧਿਕ ਰਿਕਾਰਡ ਬਹੁਤ ਗੰਭੀਰ ਰਿਹਾ ਹੈ ਤੇ ਉਹ ਪਹਿਲਾਂ ਵੀ ਜੇਲ੍ਹ ਤੋਂ ਫ਼ਰਾਰ ਹੋ ਚੁੱਕਾ ਹੈ | ਏਜੰਸੀ ਨੇ ਕਿਹਾ ਕਿ ਸਾਲ 2004 ਵਿਚ ਹਵਾਰਾ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚੋਂ ਸੁਰੰਗ ਬਣਾ ਕੇ ਭੱਜ ਨਿਕਲਿਆ ਸੀ | ਬਾਅਦ ਵਿਚ ਉਸ ਨੂੰ ਕਰੀਬ ਇਕ ਸਾਲ ਬਾਅਦ ਗਿ੍ਫ਼ਤਾਰ ਕੀਤਾ ਗਿਆ ਸੀ | ਸੀ.ਬੀ.ਆਈ. ਨੇ ਦਲੀਲ ਦਿੱਤੀ ਕਿ ਇਸ ਘਟਨਾ ਤੋਂ ਸਪੱਸ਼ਟ ਹੈ ਕਿ ਭਾਈ ਹਵਾਰਾ ਦੇ ਫ਼ਰਾਰ ਹੋਣ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ.ਬੀ.ਆਈ. ਦਾ ਜਵਾਬ ਰਿਕਾਰਡ 'ਤੇ ਲੈਂਦਿਆਂ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਤੱਕ ਮੁਲਤਵੀ ਕਰ ਦਿੱਤੀ | ਦਰਅਸਲ, ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਚਾਰ ਹਫ਼ਤਿਆਂ ਦੀ ਪੈਰੋਲ ਮੰਗੀ ਹੈ | ਪਟੀਸ਼ਨ 'ਚ ਹਵਾਰਾ ਵਲੋਂ ਕਿਹਾ ਗਿਆ ਹੈ ਕਿ ਉਹ ਪਿਛਲੇ ਕਰੀਬ 28 ਸਾਲ 9 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਹੈ ਤੇ ਇਸ ਦੌਰਾਨ ਉਸ ਨੇ ਕਦੇ ਵੀ ਪੈਰੋਲ ਦੀ ਮੰਗ ਨਹੀਂ ਕੀਤੀ | ਸੀ.ਬੀ.ਆਈ. ਦੇ ਸਖਤ ਵਿਰੋਧ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ | ਅਦਾਲਤ 3 ਜੂਨ ਨੂੰ ਇਸ ਮਾਮਲੇ 'ਤੇ ਅਗਲੀ ਸੁਣਵਾਈ ਕਰੇਗੀ |
ਭਾਈ ਜਗਤਾਰ ਸਿੰਘ ਹਵਾਰਾ ਵਲੋਂ ਮੰਗੀ ਪੈਰੋਲ ਦਾ ਸੀ.ਬੀ.ਆਈ. ਵਲੋਂ ਸਖ਼ਤ ਵਿਰੋਧ, ਹਾਈ ਕੋਰਟ 'ਚ ਸੁਣਵਾਈ 3 ਜੂਨ ਤੱਕ ਟਲੀ <br/>
ਅਜੀਤ ਡੈਸਕ
27-05-2026