ਚੰਡੀਗੜ੍ਹ, 29 ਮਈ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ 'ਚ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ | ਇਸ ਸੰਬੰਧੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵਲੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ, ਜਿਸ ਸੰਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਮੁਕਸਤਰ ਸਾਹਿਬ ਤਰਫ਼ੋਂ ਐਸ.ਪੀ. ਹੈੱਡਕੁਆਰਟਰ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਆਡੀਓ ਦੀ ਜਾਂਚ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ | ਪੰਜਾਬ ਪੁਲਿਸ ਵਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ਵਿਚ ਪ੍ਰਾਪਤ ਹੋਣ ਦੀ ਉਮੀਦ ਹੈ |