ਚੰਡੀਗੜ੍ਹ, 30 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ | ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ | ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ | ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਮਾਹਿਰਾਂ, ਖਿਡਾਰੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਪ੍ਰਬੰਧਕੀ ਕਮੇਟੀ ਬਣਾਈ ਜਾਵੇ | ਇਸ ਵੱਕਾਰੀ ਟੂਰਨਾਮੈਂਟ ਨਾਲ ਸਬੰਧਿਤ ਹਰ ਕੰਮ ਸਤੰਬਰ ਤੋਂ ਪਹਿਲਾਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਵਿੱਚ ਕੋਈ ਕਸਰ ਨਾ ਬਾਕੀ ਨਾ ਰਹੇ | ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ | ਭਾਰਤੀ ਹਾਕੀ ਫੈਡਰੇਸ਼ਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਇਸ ਪੱਧਰ ਦੇ ਪਲੇਠੇ ਟੂਰਨਾਮੈਂਟ ਦੇ ਸਫਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿਚ ਵਧੀਆ ਪ੍ਰਦਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ | ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿਚ ਇਕ ਵੱਡੀ ਪ੍ਰਾਪਤੀ ਹੈ | ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |