18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਹੁਣ ਪੰਜਾਬ ਦੇ ਬੱਚਿਆਂ ਨੂੰ ਵਿਦੇਸ਼ਾਂ ਵੱਲ ਨਹੀਂ ਤੱਕਣਾ ਪਵੇਗਾ, ਸੂਬੇ 'ਚ ਹੀ ਮਿਲੇਗੀ ਵਿਸ਼ਵ ਪੱਧਰੀ ਸਿੱਖਿਆ-ਭਗਵੰਤ ਮਾਨ

Ad Position 21
No active advertisement
ਅਜੀਤ ਡੈਸਕ 01-06-2026
ਚੰਡੀਗੜ੍ਹ, 31 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਹੋਣਹਾਰ (ਟਾਪਰ) ਵਿਦਿਆਰਥੀਆਂ ਦੇ ਸਨਮਾਨ ਲਈ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਕਰਵਾਏ 'ਸਿਤਾਰੇ ਜ਼ਮੀਨ 'ਤੇ' ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸੋਚ, ਆਤਮ-ਵਿਸ਼ਵਾਸ ਅਤੇ ਪ੍ਰਦਰਸ਼ਨ ਵਿਚ ਬੁਨਿਆਦੀ ਤਬਦੀਲੀ ਲਿਆਂਦੀ ਹੈ | ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਇਸ ਸਾਲ ਟਾਪਰਾਂ 'ਚ ਵੱਡੀ ਗਿਣਤੀ ਧੀਆਂ ਦੀ ਹੈ, ਜੋ ਪੰਜਾਬ ਦੇ ਬਦਲਦੇ ਸਿੱਖਿਅਕ ਮਾਹੌਲ ਦੀ ਸਫ਼ਲਤਾ ਨੂੰ ਦਰਸਾਉਂਦੀ ਹੈ | ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਅੱਜ ਆਪਣੇ ਸਾਰਥਕ ਨਤੀਜੇ ਦੇ ਰਹੀ ਹੈ | ਪੰਜਾਬ ਦੇ ਸਰਕਾਰੀ ਸਕੂਲ ਹੁਣ ਦੇਸ਼ ਦੇ ਹੋਰ ਸੂਬਿਆਂ ਲਈ ਮਿਸਾਲ ਬਣ ਰਹੇ ਹਨ ਅਤੇ ਰਾਸ਼ਟਰੀ ਸਿੱਖਿਆ ਅੰਕੜਿਆਂ ਵਿਚ ਪੰਜਾਬ ਨੇ ਕੇਰਲ ਸੂਬੇ ਨੂੰ ਵੀ ਪਿੱਛੇ ਛੱਡ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਡਾ ਸਿੱਖਿਆ ਕੇਂਦਰ ਬਣਾਉਣਾ ਹੈ ਤਾਂ ਜੋ ਸੂਬੇ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਕੈਨੇਡਾ, ਆਸਟ੍ਰੇਲੀਆ ਜਾਂ ਹੋਰ ਵਿਦੇਸ਼ੀ ਦੇਸ਼ਾਂ ਵੱਲ ਨਾ ਤੱਕਣਾ ਪਵੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਸ਼ਵ ਪੱਧਰੀ ਸਿੱਖਿਆ ਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ | ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਨੇ ਨਾ ਸਿਰਫ਼ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਸਗੋਂ ਪੂਰੇ ਪੰਜਾਬ ਨੂੰ ਮਾਣ ਮਹਿਸੂਸ ਕਰਵਾਇਆ ਹੈ | ਪਿਛਲੀਆਂ ਸਰਕਾਰਾਂ ਨੇ ਸਿੱਖਿਆ ਖੇਤਰ, ਖ਼ਾਸ ਕਰਕੇ ਸਰਕਾਰੀ ਸਕੂਲਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ, ਜਿਸ ਕਾਰਨ ਕਈ ਪ੍ਰਤਿਭਾਵਾਂ ਅੱਗੇ ਨਹੀਂ ਆ ਸਕੀਆਂ | ਪਰ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ 'ਚ ਆਪਣੀ ਯੋਗਤਾ ਦਾ ਲੋਹਾ ਮਨਵਾ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮਾਂ ਹੁਨਰ, ਗਿਆਨ ਅਤੇ ਮੁਕਾਬਲੇ ਦਾ ਯੁੱਗ ਹੈ, ਇਸ ਲਈ ਸਰਕਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਹੁਨਰ ਵਿਕਾਸ ਦੀ ਸਿਖਲਾਈ ਵੀ ਮੁਹੱਈਆ ਕਰਵਾ ਰਹੀ ਹੈ | ਸੂਬੇ ਦੇ ਨੌਜਵਾਨਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਮੌਕਾ ਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਦੇ ਬਾਵਜੂਦ ਹਮੇਸ਼ਾਂ ਨਿਮਰ ਰਹਿਣਾ ਚਾਹੀਦਾ ਹੈ | ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿਚ ਵਿਆਪਕ ਸੁਧਾਰਾਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦਾ ਮੁਲਾਂਕਣ ਸਿਰਫ਼ ਤਿੰਨ ਘੰਟਿਆਂ ਦੇ ਪੇਪਰ ਤੱਕ ਸੀਮਿਤ ਨਾ ਰਹਿ ਕੇ ਵਿਦਿਆਰਥੀਆਂ ਦੀ ਸਮੁੱਚੀ ਯੋਗਤਾ ਅਤੇ ਸਮਰੱਥਾ ਨੂੰ ਪਰਖਣ ਵਾਲਾ ਹੋਣਾ ਚਾਹੀਦਾ ਹੈ | ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ ਤਾਂ ਕਰੀਬ ਚਾਰ ਲੱਖ ਵਿਦਿਆਰਥੀ ਫਰਸ਼ 'ਤੇ ਬੈਠ ਕੇ ਪੜ੍ਹਨ ਲਈ ਮਜਬੂਰ ਸਨ, ਪਰ ਅੱਜ ਸਰਕਾਰੀ ਸਕੂਲਾਂ ਵਿਚ ਅਜਿਹੀ ਕੋਈ ਸਥਿਤੀ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਨਾਲ ਸਬੰਧਤ ਲਗਭਗ ਹਰ ਰਾਸ਼ਟਰੀ ਰਿਪੋਰਟ ਵਿਚ ਮੋਹਰੀ ਸਥਾਨ ਹਾਸਲ ਕਰ ਰਿਹਾ ਹੈ | ਸਮਾਗਮ ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ 'ਚ ਕੀਤੇ ਜਾ ਰਹੇ ਸੁਧਾਰਾਂ ਦੀ ਸ਼ਲਾਘਾ ਕੀਤੀ | ਇਸ ਸਮਾਗਮ ਦੌਰਾਨ ਸਿੱਖਿਆ ਸਕੱਤਰ ਸੋਨਾਲੀ ਗਿਰੀ, ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ ਸਮੇਤ ਵੱਡੀ ਗਿਣਤੀ 'ਚ ਪਤਵੰਤੇ ਸੱਜਣ ਤੇ ਬੱਚਿਆ ਦੇ ਮਾਪਿਆਂ ਨੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਠਿੰਡਾ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਵਲੋਂ ਵਰਕਰਾਂ ਦੇ ਘਰ-ਘਰ ਜਾ ਕੇ ਝੰਡੇ ਲਗਾਉਣ ਅਤੇ ਸਨਮਾਨਿਤ ਕਰਨ...
Ad Position 24