18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਤਿੰਨ ਰੋਜ਼ਾ ਪੰਜਾਬ ਦੌਰੇ 'ਤੇ ਆਈ ਸੰਸਦੀ ਸਟੈਂਡਿੰਗ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 01-06-2026
ਅੰਮਿ੍ਤਸਰ, 31 ਮਈ (ਹਰਮਿੰਦਰ ਸਿੰਘ)-ਖੇਤੀਬਾੜੀ, ਸਹਿਕਾਰਤਾ, ਫੂਡ ਪ੍ਰੋਸੈਸਿੰਗ ਅਤੇ ਮੱਛੀ ਪਾਲਣ ਨਾਲ ਸੰਬੰਧਿਤ ਸੰਸਦ ਦੀ ਸਟੈਂਡਿੰਗ ਕਮੇਟੀ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਤਿੰਨ ਰੋਜ਼ਾ ਦੌਰੇ 'ਤੇ ਪੰਜਾਬ ਪਹੁੰਚੀ | ਇਸ ਦੌਰਾਨ ਕਮੇਟੀ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ | ਇਸ ਦੌਰਾਨ ਟੀਮ ਦੇ ਮੈਂਬਰਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਲੰਗਰ ਵੀ ਛੱਕਿਆ | ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਮੀਤ ਮੈਨੇਜਰ ਇਕਬਾਲ ਸਿੰਘ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ, ਰਣਧੀਰ ਸਿੰਘ ਵਰਪਾਲ, ਜਤਿੰਦਰਪਾਲ ਸਿੰਘ ਵਲੋਂ ਸ: ਚੰਨੀ ਅਤੇ ਨਾਲ ਆਏ ਸੰਸਦੀ ਕਮੇਟੀ ਮੈਂਬਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਮੇਟੀ ਦੇ 21 ਮੈਂਬਰਾਂ ਦਾ ਵਫ਼ਦ ਪੰਜਾਬ ਦੌਰੇ 'ਤੇ ਪਹੁੰਚਿਆ ਹੈ, ਜਿਸ ਦਾ ਮਕਸਦ ਸੂਬੇ ਦੀ ਖੇਤੀਬਾੜੀ ਤੇ ਕਿਸਾਨਾਂ ਨਾਲ ਜੁੜੇ ਮੁੱਖ ਮੁੱਦਿਆਂ ਦਾ ਵਿਸਥਾਰ ਨਾਲ ਅਧਿਅਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਤਿੰਨ ਰੋਜ਼ਾ ਦੌਰੇ ਦੌਰਾਨ ਕਮੇਟੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਵੇਰਕਾ ਮਿਲਕ ਪਲਾਂਟ, ਕਿਸਾਨ ਜਥੇਬੰਦੀਆਂ, ਦੁੱਧ ਉਤਪਾਦਕਾਂ ਤੇ ਮੱਛੀ ਪਾਲਣ ਖੇਤਰ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕਰੇਗੀ | ਇਸ ਤੋਂ ਇਲਾਵਾ ਸਰਕਾਰੀ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਚੰਨੀ ਨੇ ਕਿਹਾ ਕਿ ਪੰਜਾਬ ਵਿਚ ਨਕਲੀ ਦੁੱਧ, ਦਹੀਂ ਅਤੇ ਪਨੀਰ ਦੀ ਵਿਕਰੀ ਇਕ ਗੰਭੀਰ ਮੁੱਦਾ ਹੈ, ਜਿਸ ਬਾਰੇ ਕਮੇਟੀ ਅਧਿਐਨ ਕਰੇਗੀ ਕਿ ਅਜਿਹੀਆਂ ਸਰਗਰਮੀਆਂ ਨੂੰ ਕਿਸ ਤਰ੍ਹਾਂ ਰੋਕਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਾ ਤਾਂ ਕੇਂਦਰ ਦੀ ਫ਼ਸਲ ਬੀਮਾ ਯੋਜਨਾ ਲਾਗੂ ਹੈ ਤੇ ਨਾ ਹੀ ਸੂਬਾ ਸਰਕਾਰ ਵਲੋਂ ਕੋਈ ਯੋਜਨਾ ਚਲਾਈ ਜਾ ਰਹੀ ਹੈ | ਇਸ ਮਾਮਲੇ ਸੰਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਰ ਸਾਲ ਝੋਨੇ ਦੇ ਸੀਜ਼ਨ ਤੋਂ ਬਾਅਦ ਪਰਾਲੀ ਸਾੜਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ | ਕਮੇਟੀ ਇਸ ਗੱਲ 'ਤੇ ਵਿਚਾਰ ਕਰ ਰਹੀ ਹੈ ਕਿ ਕਿਸਾਨਾਂ ਨੂੰ ਪਰਾਲੀ ਇਕੱਠੀ ਕਰਨ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ | ਉਨ੍ਹਾਂ ਸੁਝਾਅ ਦਿੱਤਾ ਕਿ ਐੱਮ. ਐੱਸ. ਪੀ. 'ਤੇ ਖਰੀਦੇ ਜਾਣ ਵਾਲੇ ਅਨਾਜ ਦੇ ਪ੍ਰਤੀ ਕੁਇੰਟਲ ਨਾਲ 100 ਰੁਪਇਆ ਜੋੜ ਕੇ ਪਰਾਲੀ ਪ੍ਰਬੰਧਨ ਲਈ ਫੰਡ ਤਿਆਰ ਕੀਤਾ ਜਾ ਸਕਦਾ ਹੈ | ਚੰਨੀ ਨੇ ਕਿਹਾ ਕਿ ਕਮੇਟੀ ਵਲੋਂ ਐੱਮ. ਐੱਸ. ਪੀ. ਨੂੰ ਕਾਨੂੰਨੀ ਗਰੰਟੀ ਦੇਣ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਰਵਨੀਤ ਬਿੱਟੂ ਨੇ ਅਨੁਸੂਚਿਤ ਜਾਤੀ (ਐੱਸ. ਸੀ.) ਭਾਈਚਾਰੇ ਤੋਂ ਮੰਗੀ ਮੁਆਫ਼ੀ ਅਗਲੀ ਖ਼ਬਰ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਠਿੰਡਾ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ
Ad Position 24