ਚੰਡੀਗੜ੍ਹ, 1 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੂਬਾ ਭਾਜਪਾ ਦੀ ਕਮਾਨ ਰਸਮੀ ਤੌਰ 'ਤੇ ਸੰਭਾਲਣਗੇ | ਇਸ ਸਬੰਧੀ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਰਹਿਣ ਦੀ ਸੰਭਾਵਨਾ ਹੈ | ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਜਾਰੀ ਜਾਣਕਾਰੀ ਅਨੁਸਾਰ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾ ਮੁੱਖ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਰਸਮੀ ਕਾਰਜਭਾਰ ਸੰਭਾਲਣਗੇ | ਇਸ ਮੌਕੇ ਪਾਰਟੀ ਵਲੋਂ ਵਿਸ਼ਾਲ ਪੱਧਰ 'ਤੇ ਸਮਾਗਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਪਾਰਟੀ ਦੇ ਕਈ ਸੀਨੀਅਰ ਆਗੂ, ਸਾਬਕਾ ਸੂਬਾ ਪ੍ਰਧਾਨ, ਕੌਮੀ ਅਹੁਦੇਦਾਰ, ਕੇਂਦਰੀ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ, ਸੂਬਾ ਕੋਰ ਕਮੇਟੀ ਦੇ ਮੈਂਬਰ, ਸੂਬਾ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਦੇ ਵੱਖ-ਵੱਖ ਮੋਰਚਿਆਂ ਤੇ ਸੈੱਲਾਂ ਦੇ ਨੁਮਾਇੰਦੇ ਸ਼ਮੂਲੀਅਤ ਕਰਨਗੇ | ਇਸ ਮੌਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜਣ ਵਾਲੇ ਆਗੂ ਅਤੇ ਵਰਕਰ ਪਾਰਟੀ ਦੀ ਵਿਚਾਰਧਾਰਾ, ਸੰਗਠਨਾਤਮਕ ਏਕਤਾ ਅਤੇ ਪੰਜਾਬ ਦੇ ਵਿਕਾਸ ਲਈ ਭਾਜਪਾ ਦੇ ਵਿਜ਼ਨ ਪ੍ਰਤੀ ਆਪਣੀ ਵਚਨਬੱਧਤਾ ਵੀ ਦੁਹਰਾਉਣਗੇ |