ਹੁਸ਼ਿਆਰਪੁਰ, 1 ਜੂਨ (ਨਰਿੰਦਰ ਸਿੰਘ ਬੱਡਲਾ)-ਜੂਨ 1984 ਦੇ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮ 7 ਜੂਨ ਨੂੰ ਸ੍ਰੀਨਗਰ, ਕਸ਼ਮੀਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪੰਚ ਪ੍ਰਧਾਨੀ ਦੇ ਮੈਂਬਰ ਚਰਨਦੀਪ ਸਿੰਘ ਖ਼ਾਲਸਾ ਹੁਸ਼ਿਆਰਪੁਰ ਨੇ ਦੱਸਿਆ ਕਿ ਫੈਡਰੇਸ਼ਨ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਕੁਰਬਾਨੀ ਤੋਂ ਜਾਣੂ ਕਰਵਾਉਣਾ ਹੈ | ਸ੍ਰੀਨਗਰ ਦੀ ਧਰਤੀ ਦੀ ਚੋਣ ਇਸ ਲਈ ਕੀਤੀ ਗਈ ਕਿਉਂਕਿ ਇੱਥੋਂ ਦੀ ਸਿੱਖ ਸੰਗਤ ਨੇ 1984 ਦੇ ਜ਼ਖ਼ਮਾਂ ਨੂੰ ਹੰਢਾਇਆ ਹੈ | ਉਨ੍ਹਾਂ ਕਿਹਾ ਕਿ ਫੈਡਰੇਸ਼ਨ ਇਹ ਐਲਾਨ ਕਰਦੀ ਹੈ ਕਿ ਸਿੱਖ ਕੌਮ ਜੂਨ 1984 ਦਾ ਇਨਸਾਫ਼ ਲੈ ਕੇ ਰਹੇਗੀ ਅਤੇ ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਕੌਮ ਦਾ ਰੋਸ ਸ਼ਾਂਤ ਨਹੀਂ ਹੋਵੇਗਾ |