ਐੱਸ. ਏ. ਐੱਸ. ਨਗਰ, 1 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਅਤੇ ਵਿਭਾਗ ਦੀਆਂ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਅੱਜ ਮੁਹਾਲੀ ਵਿਚਲੇ ਡੀ. ਜੀ. ਐੱਸ. ਈ. ਦਫ਼ਤਰ ਦਾ ਤਿੰਨ ਘੰਟਿਆਂ ਤੱਕ ਘਿਰਾਓ ਕੀਤਾ ਗਿਆ। ਇਸ ਮੌਕੇ ਕੰਪਿਊਟਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਗੁਰਵਿੰਦਰ ਸਿੰਘ ਤਰਨਤਾਰਨ, ਜੋਨੀ ਸਿੰਗਲਾ, ਹਰਜੀਤ ਸਿੰਘ, ਨਰਦੀਪ ਸ਼ਰਮਾ, ਹਰਪ੍ਰੀਤ ਸਿੰਘ, ਸੁਨੀਤ ਸਰੀਨ, ਅਨਿਲ ਐਰੀ, ਪਰਮਿੰਦਰ ਸਿੰਘ ਅਤੇ ਗਗਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੁਸਾਇਟੀ (ਪਿਕਟਸ) ਦੇ ਨਾਂਅ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਰੋਹ ਵਿਚ ਆਏ ਕੰਪਿਊਟਰ ਅਧਿਆਪਕਾਂ ਵਲੋਂ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਵੱਲ ਰੋਸ ਮਾਰਚ ਆਰੰਭ ਕੀਤਾ, ਜਿਸ ਨੂੰ ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਖ਼ਤ ਬੈਰੀਕੇਡਿੰਗ ਕਰਕੇ ਤੇ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਰੋਕ ਲਿਆ ਗਿਆ। ਇਸ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨੇ ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਹੀ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਮੌਕੇ ਮੁਹਾਲੀ ਪ੍ਰਸ਼ਾਸਨ ਵਲੋਂ ਅਧਿਆਪਕ ਆਗੂਆਂ ਦੀ 3 ਜੂਨ ਨੂੰ ਸਬ-ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਗਈ, ਜਿਸ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਸਮਾਪਤ ਕਰ ਦਿੱਤਾ।