ਚੰਡੀਗੜ੍ਹ, 5 ਜੂਨ (ਅਜੀਤ ਬਿਊਰੋ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਤੋਂ ਕਈ ਨੌਜਵਾਨ ਕੁੜੀਆਂ ਦੇ ਲਾਪਤਾ ਹੋਣ ਸਬੰਧੀ ਸੋਸ਼ਲ ਮੀਡੀਆ ਰਿਪੋਰਟਾਂ ਅਤੇ ਜਨਤਕ ਚਿੰਤਾਵਾਂ ਦਾ ਨੋਟਿਸ ਲਿਆ ਹੈ | ਇਸ ਸਬੰਧੀ ਚੇਅਰਪਰਸਨ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਤੋਂ ਇਸ ਸਬੰਧੀ ਵਿਸਥਾਰਿਤ ਰਿਪੋਰਟ ਮੰਗੀ ਅਤੇ ਤੱਥਾਂ ਦਾ ਪਤਾ ਲਗਾਉਣ ਲਈ ਪੁਲਿਸ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਰਾਜੀ ਲਾਲੀ ਗਿੱਲ ਨੇ ਦੱਸਿਆ ਕਿ ਮੁੱਢਲੀ ਰਿਪੋਰਟ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿਚ ਦਸ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਕੁੜੀਆਂ ਨੂੰ ਕਿਸੇ ਵਿਅਕਤੀ ਜਾਂ ਸੰਗਠਿਤ ਗਰੋਹ ਵਲੋਂ ਅਗਵਾ ਨਹੀਂ ਕੀਤਾ ਗਿਆ | ਕਈ ਮਾਮਲਿਆਂ ਵਿਚ ਉਹ ਨਿੱਜੀ ਜਾਂ ਪਰਿਵਾਰਕ ਕਾਰਨਾਂ ਕਰਕੇ ਆਪਣੀ ਮਰਜ਼ੀ ਨਾਲ ਘਰ ਛੱਡ ਗਈਆਂ ਸਨ | ਪੁਲਿਸ ਟੀਮਾਂ ਵਲੋਂ ਤਕਨੀਕੀ ਨਿਗਰਾਨੀ, ਫ਼ੀਲਡ ਪੁੱਛਗਿੱਛ ਅਤੇ ਅੰਤਰ-ਏਜੰਸੀ ਤਾਲਮੇਲ ਰਾਹੀਂ ਲਾਪਤਾ ਕੁੜੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ | ਚੇਅਰਪਰਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਰ-ਪ੍ਰਮਾਣਿਤ ਜਾਣਕਾਰੀ ਜਾਂ ਅਫਵਾਹਾਂ ਨਾ ਫੈਲਾਉਣ |