ਬਿਜਲੀ ਨਿਗਮ ਦੇ ਮੁੱਖ ਦਫਤਰ ਅੱਗੇ ਸੰਘਰਸ਼ ਕਰ ਰਹੇ ਆਈ.ਟੀ.ਆਈ. ਪਾਸ ਨੌਜਵਾਨਾਂ 'ਤੇ ਪੁਲਿਸ ਨੇ ਫੇਰਿਆ ਡੰਡਾ <br/>
ਅਜੀਤ ਡੈਸਕ
06-06-2026
ਇਸ ਮੌਕੇ ਬਿਜਲੀ ਨਿਗਮ ਦੀਆਂ ਵੱਖ ਵੱਖ ਯੂਨੀਅਨਾਂ ਨੇ ਆਈ.ਟੀ.ਆਈ. ਪਾਸ ਨੌਜਵਾਨਾਂ ਦਾ ਸਾਥ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਪੁਰਅਮਨ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ 'ਤੇ ਵਹਿਸ਼ੀ ਲਾਠੀਚਾਰਜ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਬਣਦਾ ਹੱਕ ਦੇਣ ਦੀ ਥਾਂ ਟਕਰਾਅ ਦੀ ਨੀਤੀ ਅਪਣਾਈ ਗਈ ਤਾਂ ਸਮੂਹ ਜਥੇਬੰਦੀਆਂ ਇਸ ਧੱਕੇਸ਼ਾਹੀ ਖਿਲਾਫ ਸੰਘਰਸ਼ ਉਲੀਕਣ ਲਈ ਮਜ਼ਬੂਰ ਹੋਣਗੀਆਂ |
ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਨਿੰਦਣਯੋਗ- ਸੁਖਬੀਰ
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ 2600 ਅਪ੍ਰੈਂਟਸ਼ਿਪ ਲਾਈਨਮੈਨ ਯੂਨੀਅਨ ਦੇ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕੀਤੀ | ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਕਿਉਂ ਇਨਕਾਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਪ੍ਰੈਂਟਸ਼ਿਪ ਲਾਈਨਮੈਨ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨੂੰ ਨਿਯਮਤ ਕਰਨ, ਸਹਾਇਕ ਲਾਈਨਮੈਨ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਸ਼ਰਤ ਖਤਮ ਕਰਨ ਅਤੇ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਭਰਤੀ ਵਿਚ ਤਰਜੀਹ ਦੇਣ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਸੁਣਵਾਈ ਕਰਨ ਦੀ ਬਜਾਏ ਲਾਠੀਆਂ ਵਰਤ ਰਹੀ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ |
ਬੇਰੁਜ਼ਗਾਰਾਂ 'ਤੇ ਲਾਠੀਚਾਰਜ ਵਹਿਸ਼ੀਪੁਣੇ ਦੀ ਹੱਦ-ਵੜਿੰਗ
ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਵਿਚ ਨੌਕਰੀਆਂ ਦੀ ਮੰਗ ਕਰ ਰਹੇ 2600 ਆਈ.ਟੀ.ਆਈ. ਯੋਗ ਉਮੀਦਵਾਰਾਂ 'ਤੇ ਵਹਿਸ਼ੀ ਤਰੀਕੇ ਨਾਲ ਤਾਕਤ ਦੀ ਵਰਤੋਂ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਯਾਦ ਰੱਖੋ, ਇਹ ਸਰਕਾਰ ਦੇ ਨਜ਼ਦੀਕੀ ਪਤਨ ਦੇ ਸੰਕੇਤ ਹਨ | ਸਰਕਾਰ ਦਾ ਅੰਤ ਸਾਹਮਣੇ ਖੜ੍ਹਾ ਹੈ, ਕਿਉਂਕਿ ਇਸ ਦੇ ਦਿਨ ਹੁਣ ਗਿਣੇ-ਚੁਣੇ ਹੀ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵਲੋਂ ਵਰਤਾਈ ਬੇਰਹਿਮੀ ਦੀਆਂ ਤਸਵੀਰਾਂ ਤੇ ਵੀਡੀਓ ਡਰਾਉਣੀਆਂ ਹਨ |