ਚੰਡੀਗੜ੍ਹ, 8 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਪੰਜਾਬ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕਦੇ ਕੁਝ ਮੁੱਦਿਆਂ, ਖ਼ਾਸ ਕਰਕੇ ਐਸ.ਵਾਈ.ਐਲ., ਚੰਡੀਗੜ੍ਹ ਦੇ ਤਬਾਦਲੇ ਅਤੇ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿਚ ਸ਼ਾਮਿਲ ਕਰਨ ਬਾਰੇ, ਉਨ੍ਹਾਂ ਦਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ | ਅੱਜ ਇਥੇ ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੈਣੀ ਪੰਜਾਬ ਵਿਚ ਭਾਜਪਾ ਲਈ ਦੌਰੇ ਅਤੇ ਚੋਣ ਪ੍ਰਚਾਰ ਕਰ ਰਹੇ ਹਨ, ਉਹ ਦੋਹਰੀ ਸਿਆਸਤ ਕਰਨ ਵਰਗਾ ਹੈ | ਉਨ੍ਹਾਂ ਨੇ ਕਿਹਾ ਕਿ ਸੈਣੀ ਇੱਕੋ ਸਮੇਂ ਹਰਿਆਣਾ ਅਤੇ ਪੰਜਾਬ ਦੇ ਟਕਰਾਉਂਦੇ ਹਿਤਾਂ ਪ੍ਰਤੀ ਵਫ਼ਾਦਾਰ ਨਹੀਂ ਰਹਿ ਸਕਦੇ ਹਨ |