ਚੰਡੀਗੜ੍ਹ, 8 ਜੂਨ (ਪ੍ਰੋ. ਅਵਤਾਰ ਸਿੰਘ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਉਹ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚਾ ਬਣਾ ਕੇ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਗਠਿਤ ਕਰਨ ਤੇ ਬੂਥ ਪ੍ਰਧਾਨਾਂ ਦੀ ਨਿਯੁਕਤੀ ਕਰਨ ਤੋਂ ਇਲਾਵਾ ਵਿੰਗ ਆਪਣੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕਰੇ | ਇਸ ਮੌਕੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਟੀ ਦਾ ਇਸਤਰੀ ਵਿੰਗ ਬਦਲਾਅ ਦਾ ਮੁੱਢ ਬੰਨਣ ਵਿਚ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ | ਔਰਤਾਂ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਵਿਚ ਕਟੌਤੀ ਦੇ ਨਾਲ-ਨਾਲ ਨਸ਼ਿਆਂ ਨਾਲ ਮੌਤਾਂ ਵਿਚ ਹੋਏ ਵਾਧੇ ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਅÏਰਤਾਂ ਦੇ ਘਰ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ | ਇਸ ਮੌਕੇ 'ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਇਸਤਰੀ ਵਿੰਗ ਜਲਦੀ ਹੀ ਰੋਸ ਪ੍ਰਦਰਸ਼ਨਾਂ ਦੀ ਲਹਿਰ ਸ਼ੁਰੂ ਕਰੇਗਾ |
ਅਕਾਲੀ ਦਲ ਇਸਤਰੀ ਵਿੰਗ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ <br/>
ਅਜੀਤ ਡੈਸਕ
09-06-2026