ਤਰਨ ਤਾਰਨ, 13 ਜੂਨ (ਹਰਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਪੇਨ ਆਗੂ ਭਾਈ ਦਵਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਪਾਰਟੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਵਲੈਨਸੀਆ ਵਿਖੇ ਕਈ ਪ੍ਰਮੁੱਖ ਪੰਜਾਬੀ ਸਖਸ਼ੀਅਤਾਂ ਤੇ ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਵਿਚਾਰਧਾਰਾ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਜਸਬੀਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਪੱਡਾ, ਮਨਜੀਤ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ ਬਾਜਵਾ ਅਤੇ ਸੁਰਿੰਦਰ ਸਿੰਘ ਧਨੋਆ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕਰਕੇ ਪਾਰਟੀ ਦੀ ਮਜ਼ਬੂਤੀ ਵੱਲ ਇਕ ਹੋਰ ਕਦਮ ਵਧਾਇਆ | ਭਾਈ ਮੱਲੀ ਨੇ ਕਿਹਾ ਕਿ ਪਾਰਟੀ ਨੂੰ ਯੂਰਪ ਸਮੇਤ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਅੰਤਰਰਾਸ਼ਟਰੀ ਮੰਚਾਂ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮਰਥਕਾਂ ਤੇ ਪੰਜਾਬ ਪ੍ਰਤੀ ਚਿੰਤਤ ਲੋਕਾਂ ਦੇ ਸਹਿਯੋਗ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਇੱਕ ਮਜ਼ਬੂਤ ਪੰਥਕ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾ ਰਿਹਾ ਹੈ |