ਚੰਡੀਗੜ੍ਹ, 15 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਯੂ.ਪੀ.ਐੱਸ.ਸੀ-2025 ਵਿਚ ਸਫਲਤਾ ਹਾਸਲ ਕਰਨ ਵਾਲੇ ਪੰਜਾਬ ਦੇ ਹੋਣਹਾਰ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੇ ਤਜ਼ਰਬੇ ਸੁਣੇ ਅਤੇ ਸਿਵਲ ਸੇਵਾਵਾਂ 'ਚ ਸਫਲਤਾ ਪ੍ਰਾਪਤ ਕਰਨ ਲਈ ਕੀਤੀ ਗਈ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਯੂ.ਪੀ.ਐਸ.ਸੀ. ਵਰਗੀ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆ ਵਿਚ ਲੜਕੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਇਸ ਗੱਲ ਦਾ ਵੀ ਪ੍ਰਮਾਣ ਹਨ ਕਿ ਬਰਾਬਰ ਮੌਕੇ ਧੀਆਂ ਨੂੰ ਹਰ ਖੇਤਰ ਵਿਚ ਉੱਤਮਤਾ ਪ੍ਰਾਪਤ ਕਰਨ ਯੋਗ ਬਣਾਉਂਦੇ ਹਨ | ਵਿੱਦਿਅਕ ਸੁਧਾਰਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਸੂਬਾ ਸਰਕਾਰ ਦਾ ਸੁਫ਼ਨਾ ਪੰਜਾਬ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਲੋਕ ਸੇਵਾ ਦੇ ਉੱਚ ਤੇ ਵੱਕਾਰੀ ਅਹੁਦਿਆਂ 'ਤੇ ਪਹੁੰਚਦੇ ਦੇਖਣਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਿਵਲ ਸੇਵਾਵਾਂ ਵਿਚ ਚੁਣੇ ਗਏ ਅਧਿਕਾਰੀਆਂ ਕੋਲ ਦੇਸ਼ ਅਤੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦਾ ਵਿਲੱਖਣ ਮੌਕਾ ਹੁੰਦਾ ਹੈ | ਉਨ੍ਹਾਂ ਉਮੀਦ ਜਤਾਈ ਕਿ ਇਹ ਨੌਜਵਾਨ ਇਮਾਨਦਾਰੀ, ਨਿਰਪੱਖਤਾ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਦੇਸ਼ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿਚ ਸੁਧਾਰਾਂ ਤੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਵਾਸਤੇ ਲਗਾਤਾਰ ਯਤਨ ਕਰ ਰਹੀ ਹੈ | ਸਰਕਾਰ ਦਾ ਉਦੇਸ਼ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੀ ਕਾਬਲੀਅਤ ਸਾਬਤ ਕਰਨ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਮਿਲ ਸਕਣ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਆਪਣੀ ਸਫ਼ਲਤਾ ਦੇ ਬਾਵਜੂਦ ਨਿਮਰ ਰਹਿਣ ਤੇ ਹੋਰ ਬੁਲੰਦੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਦੇ ਰਹਿਣ | ਉਨ੍ਹਾਂ ਕਿਹਾ 'ਆਪਣੀਆਂ ਪ੍ਰਾਪਤੀਆਂ 'ਤੇ ਮਾਣ ਨਾ ਕਰੋ | ਜ਼ਮੀਨ ਨਾਲ ਜੁੜੇ ਰਹੋ, ਨਿਮਰ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ | ਇਸ ਮੰਚ ਦੀ ਵਰਤੋਂ ਨਾ ਸਿਰਫ਼ ਸਫਲ ਅਧਿਕਾਰੀ ਬਣਨ ਲਈ ਕਰੋ, ਸਗੋਂ ਸਮਾਜ ਵਿਚ ਸਕਾਰਾਤਮਕ ਯੋਗਦਾਨ ਪਾਉਣ ਵਾਲੇ ਚੰਗੇ ਇਨਸਾਨ ਬਣਨ ਲਈ ਵੀ ਕਰੋ |
ਇਸ ਮੌਕੇ ਸਫਲ ਉਮੀਦਵਾਰਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਤੇ ਕਿਹਾ ਕਿ ਸਰਕਾਰ ਵਲੋਂ ਦਿੱਤਾ ਗਿਆ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਦੀ ਅਗਾਂਹਵਧੂ ਸੋਚ ਤੇ ਨੌਜਵਾਨਾਂ ਦੇ ਹੌਸਲੇ ਨੂੰ ਬੁਲੰਦ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ | ਨਵੇਂ ਚੁਣੇ ਗਏ ਉਮੀਦਵਾਰਾਂ ਨੇ ਕਿਹਾ ਕਿ ਉਹ ਆਪਣੀ ਸਫਲਤਾ ਨੂੰ ਸਮਾਜ ਤੇ ਦੇਸ਼ ਦੀ ਸੇਵਾ ਲਈ ਸਮਰਪਿਤ ਕਰਨਗੇ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਿਵਲ ਸੇਵਾਵਾਂ ਵਿਚ ਰਹਿੰਦਿਆਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਅਤੇ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਸਮਾਗਮ ਦੌਰਾਨ ਮਾਹੌਲ ਕਾਫ਼ੀ ਉਤਸ਼ਾਹਪੂਰਨ ਰਿਹਾ ਅਤੇ ਨੌਜਵਾਨਾਂ ਨੇ ਮੁੱਖ ਮੰਤਰੀ ਨਾਲ ਆਪਣੇ ਭਵਿੱਖੀ ਟੀਚਿਆਂ, ਪ੍ਰਸ਼ਾਸਨਿਕ ਸੇਵਾਵਾਂ ਵਿਚ ਆਉਣ ਵਾਲੀਆਂ ਚੁਣੌਤੀਆਂ ਅਤੇ ਲੋਕ ਸੇਵਾ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਅਨਿਰੁੱਧ ਤਿਵਾੜੀ ਡਾਇਰੈਕਟਰ ਜਨਰਲ ਮੈਕਸੀਪਾ ਤੋਂ ਇਲਾਵਾ ਹੋਰ ਕਈ ਪਤਵੰਤੇ ਵੀ ਮੌਜੂਦ ਸਨ |
ਮੁੱਖ ਮੰਤਰੀ ਵਲੋਂ ਯੂ. ਪੀ. ਐਸ. ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ
ਅਜੀਤ ਡੈਸਕ
16-06-2026