ਭਾਸ਼ਾਈ ਵਿਭਿੰਨਤਾ ਨੂੰ ਸੰਭਾਲਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ- ਡਾ. ਜਗਦੀਪ ਸਿੰਘ
ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਤਿੰਨ ਰੋਜ਼ਾ 53ਵੀਂ ਆਲ ਇੰਡੀਆ ਦ੍ਰਾਵਿੜੀਅਨ ਭਾਸ਼ਾ ਵਿਗਿਆਨੀ ਕਾਨਫ਼ਰੰਸ ਆਰੰਭ ਹੋ ਗਈ ਹੈ। ਯੂਨੀਵਰਸਿਟੀ ਦੇ ਪੰਜਾਬੀ ਵਿਭਾਗ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪਟਿਆਲਾ ਲਿੰਗੁਇਸਟਿਕਸ ਐਸੋਸੀਏਸ਼ਨ, ਦ੍ਰਾਵਿੜ ਲਿੰਗੁਇਸਟਿਕਸ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਕੂਲ ਆਫ਼ ਦ੍ਰਾਵਿੜ ਲਿੰਗੁਇਸਟਿਕਸ ਵਲੋਂ ਸੀ.ਆਈ.ਆਈ.ਐੱਲ. ਮੈਸੂਰ ਅਤੇ ਆਈ.ਸੀ.ਐੱਸ.ਐੱਸ.ਆਰ., ਨਵੀਂ ਦਿੱਲੀ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਇਸ ਰਾਸ਼ਟਰੀ ਪੱਧਰ ਦੀ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਭਾਸ਼ਾ ਦੀ ਮਹੱਤਤਾ ਨੂੰ ਬਹੁਤ ਹੀ ਗੰਭੀਰਤਾ ਨਾਲ ਉਭਾਰਿਆ। ਤਾਮਿਲ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਅਤੇ ਐੱਲ.ਐੱਸ.ਆਈ. ਪੂਨਾ ਦੇ ਪ੍ਰਧਾਨ ਪ੍ਰੋ. ਕੇ. ਕਰੁਣਾਕਰਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਆਏ ਭਾਸ਼ਾ ਵਿਗਿਆਨ ਦੇ ਉੱਘੇ ਮਾਹਰ ਪ੍ਰੋ. ਐਮ. ਜੇ. ਵਾਰਸੀ ਨੇ ਆਪਣੇ ਮੁੱਖ-ਸੁਰ ਭਾਸ਼ਣ ਦੌਰਾਨ ਭਾਰਤ ਦੀ ਭਾਸ਼ਾਈ ਵਿਰਾਸਤ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਸੁਮੇਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਪਟਿਆਲਾ ਲਿੰਗੁਇਸਟਿਕਸ ਐਸੋਸੀਏਸ਼ਨ ਦੇ ਪ੍ਰਧਾਨ, ਡੀ.ਐੱਲ.ਏ. ਦੇ ਵਾਈਸ-ਪ੍ਰੈਜੀਡੈਂਟ ਅਤੇ ਸਾਬਕਾ ਡੀਨ ਭਾਸ਼ਾਵਾਂ ਡਾ. ਭੁਪਿੰਦਰ ਸਿੰਘ ਖਹਿਰਾ ਨੇ ਕਾਨਫ਼ਰੰਸ ਦੀ ਇਤਿਹਾਸਕ ਮਹੱਤਤਾ ‘ਤੇ ਰੌਸ਼ਨੀ ਪਾਈ। ਪੰਜਾਬੀ ਵਿਭਾਗ ਦੇ ਮੁਖੀ ਅਤੇ ਕਾਨਫਰੰਸ ਦੇ ਪ੍ਰਬੰਧਕੀ ਸਕੱਤਰ ਡਾ. ਰਾਜਵੰਤ ਕੌਰ ਪੰਜਾਬੀ ਨੇ ਸਵਾਗਤੀ ਸ਼ਬਦ ਕਹੇ। ਡੀ.ਐੱਲ.ਏ. ਦੇ ਡੀਨ ਅਤੇ ਆਈ.ਐੱਸ.ਡੀ.ਐੱਲ. ਦੇ ਡਾਇਰੈਕਟਰ, ਪ੍ਰੋ. ਜੀ.ਕੇ. ਪਨੀਕਰ ਨੇ ਸੰਸਥਾ ਦੇ ਮੋਢੀ ਵਿਦਵਾਨਾਂ ਦੀਆਂ ਇਤਿਹਾਸਕ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅੰਤ ਵਿਚ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ। ਇਸ ਸੈਸ਼ਨ ਦਾ ਸੰਚਾਲਨ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਮੁਖੀ ਡਾ. ਹਰਵਿੰਦਰ ਪਾਲ ਕੌਰ ਵਲੋਂ ਕੀਤਾ ਗਿਆ।
ਪੰਜਾਬੀ ’ਵਰਸਿਟੀ ਵਿਖੇ ‘53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ
ਅਜੀਤ ਡੈਸਕ
19-06-2026