ਚੰਡੀਗੜ੍ਹ, 19 ਜੂਨ (ਪ੍ਰੋ. ਅਵਤਾਰ ਸਿੰਘ) � ਮਜੀਠਾ ਥਾਣੇ ਵਿਚ ਵਾਪਰੀ ਘਟਨਾ ਤੋਂ ਬਾਅਦ ਪਹਿਲੀ ਵਾਰ ਮੀਡੀਆ ਦੇ ਰੂ-ਬ-ਰੂ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਪ੍ਰਸ਼ਾਸਨ ‘ਤੇ ਤਿੱਖੇ ਦੋਸ਼ ਲਗਾਉਂਦਿਆਂ ਕਿਹਾ ਕਿ ਸਿਆਸੀ ਬਦਲੇ ਦੀ ਭਾਵਨਾ ਤਹਿਤ ਅਕਾਲੀ ਦਲ ਦੇ ਵਰਕਰਾਂ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੋਬਨਪ੍ਰੀਤ ਸਿੰਘ ਉੱਤੇ ਪਹਿਲਾਂ ਧਾਰਾ 307 ਤਹਿਤ ਕੇਸ ਇਸ ਲਈ ਦਰਜ ਕੀਤਾ ਗਿਆ ਕਿਉਂਕਿ ਉਸ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦਬਾਅ, ਧਮਕੀਆਂ ਅਤੇ ਝੂਠੇ ਪਰਚਿਆਂ ਦੇ ਬਾਵਜੂਦ ਨੌਜਵਾਨ ਨਾ ਝੁਕਿਆ ਅਤੇ ਨਾ ਹੀ ਆਪਣੇ ਰੁਖ ਤੋਂ ਪਿੱਛੇ ਹਟਿਆ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਅੱਜ ਮੁਲਾਜ਼ਮਾਂ, ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਤੰਤਰੀ ਹੱਕਾਂ ਦੀ ਆਵਾਜ਼ ਨੂੰ ਕੁਚਲਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ, ਪਰ ਅਕਾਲੀ ਦਲ ਅਜਿਹੀਆਂ ਕਾਰਵਾਈਆਂ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖੇਗਾ।