ਰਾੜਾ ਸਾਹਿਬ (ਖੰਨਾ), 19 ਜੂਨ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਭਰ ਵਿਚ ਸਾਲ 2007 ਨਵੰਬਰ ਦੌਰਾਨ ਜਨਮੇ ਹਜ਼ਾਰਾਂ ਨਹੀਂ, ਸਗੋਂ ਲੱਖਾਂ ਨੌਜਵਾਨ ਮੁੰਡੇ-ਕੁੜੀਆਂ ਅਜਿਹੇ ਹਨ ਜੋ ਹੁਣ ਵੋਟਰ ਬਣਨ ਦੀ ਉਮਰ ਦੇ ਨੇੜੇ ਪਹੁੰਚ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਹਿਲੀ ਵਾਰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਦੇ ਇੱਛੁਕ ਹਨ। ਪ੍ਰੰਤੂ ਕੁੱਝ ਥਾਵਾਂ ਤੋਂ ਇਹ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਕਿ ਨਵੀਂ ਵੋਟ ਬਣਾਉਣ ਲਈ ਵਰਤੀ ਜਾ ਰਹੀ ਸਰਕਾਰੀ ਆਨਲਾਈਨ ਪ੍ਰਣਾਲੀ 2007 ਨਵੰਬਰ ਵਿਚ ਜਨਮੇ ਨੌਜਵਾਨਾਂ ਦੀਆਂ ਅਰਜ਼ੀਆਂ ਸਵੀਕਾਰ ਨਹੀਂ ਕਰ ਰਹੀ, ਜਿਸ ਕਾਰਨ ਉਹ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਤੋਂ ਵਾਂਝੇ ਰਹਿ ਰਹੇ ਹਨ। ਬੀ. ਐੱਲ. �ਜ਼. ਅਤੇ ਵੋਟਰ ਰਜਿਸਟਰੇਸ਼ਨ ਨਾਲ ਜੁੜੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਮੌਜੂਦਾ ਤਕਨੀਕੀ ਪ੍ਰਬੰਧ ਕਾਰਨ ਕਈ ਯੋਗ ਨੌਜਵਾਨਾਂ ਦੀਆਂ ਅਰਜ਼ੀਆਂ ਜਮ੍ਹਾਂ ਨਹੀਂ ਹੋ ਰਹੀਆਂ ਕਿਉਂਕਿ ਆਨਲਾਈਨ ਰਜਿਸਟਰੇਸ਼ਨ ਪ੍ਰਣਾਲੀ ਰਾਹੀਂ ਸਿਰਫ਼ ਅਕਤੂਬਰ 2007 ਤੱਕ ਲਈ ਜਨਮੇ ਬੱਚਿਆਂ ਦੀ ਨਵੀਂ ਵੋਟ ਲਈ ਅਰਜ਼ੀਆਂ ਸਵੀਕਾਰ ਕੀਤੀਆਂ ਜਾ ਰਹੀਆਂ ਹਨ, ਪਰ ਨਵੰਬਰ 2007 ਦੀਆਂ ਅਰਜ਼ੀਆਂ ਨੂੰ ਸਵੀਕਾਰ ਨਹੀਂ ਕੀਤਾ ਜਾ ਰਿਹਾ। ਇਸ ਸਥਿਤੀ ਨੇ ਮਾਪਿਆਂ ਅਤੇ ਨੌਜਵਾਨਾਂ ਵਿਚ ਚਿੰਤਾ ਪੈਦਾ ਕਰ ਦਿੱਤੀ ਹੈ ਕਿਉਂਕਿ ਜੇਕਰ ਸਮੇਂ ਸਿਰ ਇਸ ਦਾ ਹੱਲ ਨਾ ਕੀਤਾ ਗਿਆ ਤਾਂ ਵੱਡੀ ਗਿਣਤੀ ਵਿਚ ਨੌਜਵਾਨ ਆਉਣ ਵਾਲੀਆਂ ਚੋਣਾਂ ਵਿਚ ਵੋਟ ਪਾਉਣ ਦੇ ਆਪਣੇ ਸੰਵਿਧਾਨਕ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਲੋੜ ਹੈ ਕਿ ਚੋਣ ਕਮਿਸ਼ਨ ਭਾਰਤ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਸੂਬਾ ਸਰਕਾਰ ਵਲੋਂ ਇਸ ਮਾਮਲੇ ਦੀ ਤੁਰੰਤ ਜਾਂਚ ਕਰ ਕੇ ਤਕਨੀਕੀ ਜਾਂ ਪ੍ਰਸ਼ਾਸਨਿਕ ਅੜਚਣਾਂ ਨੂੰ ਦੂਰ ਕੀਤਾ ਜਾਵੇ। ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਕੋਈ ਵੀ ਯੋਗ ਨੌਜਵਾਨ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।