ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਲਈ ਨਵੀਂ ਦਿੱਲੀ ਸਥਿਤ ਪਾਕਿ ਦੂਤਘਰ ਵਲੋਂ ਸ਼੍ਰੋਮਣੀ ਕਮੇਟੀ ਨੂੰ 290 ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕੀਤੇ ਗਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਵੇਗਾ ਤੇ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪੁੱਜੇਗਾ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਪਾਕਿ ਦੂਤਘਰ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 290 ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ 12 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਹ ਜਥਾ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 30 ਜੂਨ ਨੂੰ ਵਾਪਸ ਭਾਰਤ ਪਰਤੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵੀਜ਼ਾ ਲੱਗੇ ਪਾਸਪੋਰਟ 20 ਤੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ਾ ਨਹੀਂ ਲੱਗੇ ਉਨ੍ਹਾਂ ਦੇ ਸੀਰੀਅਲ ਨੰ: 33, 66, 67, 68, 76, 131, 143, 144, 145, 151, 291 ਤੇ 292 ਹਨ।