ਅੰਮ੍ਰਿਤਸਰ, 19 ਜੂਨ (ਜੱਸ)-ਬੀਤੇ ਦਿਨੀਂ ਉਤਰਾਖੰਡ ਦੇ ਕਰਨਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਗਈ ਇਕਪਾਸੜ ਕਾਰਵਾਈ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਿਲ ਹੈ। ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਪਹਿਲਾਂ ਕੁਝ ਸਥਾਨਕ ਲੋਕਾਂ ਵਲੋਂ ਸਿੱਖ ਨੌਜਵਾਨਾਂ ‘ਤੇ ਹਮਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਝਗੜਾ ਵਧਿਆ। ਪੁਲਿਸ ਵਲੋਂ ਨਿਰਪੱਖ ਕਾਰਵਾਈ ਕਰਨ ਦੀ ਥਾਂ ਸਿੱਖ ਸ਼ਰਧਾਲੂਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ‘ਤੇ ਬੇਇੱਜ਼ਤ ਕਰਨਾ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਕਿਸੇ ਵੀ ਸਥਿਤੀ ਵਿਚ ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।