01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਹਿਮਾਚਲ ਦਾਖਲਾ ਟੈਕਸ ਦੇ ਵਿਰੋਧ ‘ਚ ਨਿਹੰਗ ਸਿੰਘਾਂ ਵਲੋਂ 21 ਜੂਨ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੋਰਚਾ ਲਗਾਉਣ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 20-06-2026
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ ਐਸ ਨਿੱਕੂਵਾਲ / ਕਰਨੈਲ ਸਿੰਘ)-ਹਿਮਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਵਸੂਲੇ ਜਾ ਰਹੇ ਦਾਖਲਾ ਟੈਕਸ ਦੇ ਵਿਰੋਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮਿਸਲ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ, ਸ੍ਰੀ ਚਮਕੌਰ ਸਾਹਿਬ ਨਾਲ ਸਬੰਧਿਤ ਨਿਹੰਗ ਸਿੰਘਾਂ ਨੇ ਕਿਹਾ ਹੈ ਕਿ ਜੇਕਰ ਸਰਕਾਰਾਂ ਵਲੋਂ ਇਸ ਮੁੱਦੇ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ 21 ਜੂਨ ਤੋਂ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ ‘ਤੇ ਦੁਬਾਰਾ ‘ਖ਼ਾਲਸਾ ਟੈਕਸ’ ਲਗਾਉਣ ਲਈ ਮਜਬੂਰ ਹੋਣਗੇ। ਜਥੇਬੰਦੀ ਦੇ ਨੁਮਾਇੰਦੇ ਮਹਾਂਕਾਲ ਬਾਬਾ ਅੱਛਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 12 ਵਜੇ ਮੀਟਿੰਗ ਲਈ ਪ੍ਰਸ਼ਾਸਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਸੀ, ਪਰ ਲੰਬੇ ਸਮੇਂ ਤੱਕ ਉਡੀਕ ਕਰਨ ਦੇ ਬਾਵਜੂਦ ਕੋਈ ਅਧਿਕਾਰੀ ਗੱਲਬਾਤ ਲਈ ਨਹੀਂ ਪੁੱਜਿਆ। ਇਸ ਮਗਰੋਂ ਜਥੇਬੰਦੀ ਨੇ ਸਥਾਨਕ ਪ੍ਰਸ਼ਾਸਨ ਪ੍ਰਤੀ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਹੁਣ ਉਹ ਇਸ ਮਾਮਲੇ ‘ਤੇ ਸਿੱਧੀ ਗੱਲਬਾਤ ਮੁੱਖ ਮੰਤਰੀ ਭਗਵੰਤ ਮਾਨ ਜਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕਰਨਾ ਚਾਹੁੰਦੇ ਹਨ ਕਿਉਂਕਿ ਇਸ ਮਸਲੇ ਦਾ ਹੱਲ ਸਰਕਾਰ ਦੇ ਪੱਧਰ ‘ਤੇ ਹੀ ਕੀਤਾ ਜਾ ਸਕਦਾ ਹੈ। ਨਿਹੰਗ ਸਿੰਘਾਂ ਦਾ ਦੋਸ਼ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਲੋਕਾਂ ਤੋਂ ਵਸੂਲੇ ਜਾ ਰਹੇ ਟੈਕਸ ਆਮ ਲੋਕਾਂ ‘ਤੇ ਵਾਧੂ ਆਰਥਿਕ ਬੋਝ ਬਣ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਹੋਰ ਰਾਜਾਂ ਤੋਂ ਹਿਮਾਚਲ ਜਾਣ ਵਾਲੇ ਯਾਤਰੀਆਂ ਨੂੰ ਇਨ੍ਹਾਂ ਵਸੂਲੀਆਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਇਨ੍ਹਾਂ ਟੈਕਸਾਂ ਨੂੰ ‘ਜਜ਼ੀਆ’ ਅਤੇ ‘ਗੁੰਡਾ ਟੈਕਸ’ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਇਸ ਮਾਮਲੇ ‘ਤੇ ਲੋਕਾਂ ਵਿਚ ਵੱਡੀ ਪੱਧਰ ‘ਤੇ ਨਾਰਾਜ਼ਗੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 21 ਜੂਨ ਤੱਕ ਸਰਕਾਰ ਵਲੋਂ ਕੋਈ ਸਕਾਰਾਤਮਿਕ ਫ਼ੈਸਲਾ ਨਾ ਲਿਆ ਗਿਆ ਤਾਂ ਸ੍ਰੀ ਕੀਰਤਪੁਰ ਸਾਹਿਬ ਨੇੜੇ ਰਾਸ਼ਟਰੀ ਸੜਕ ਅਥਾਰਿਟੀ ਦੇ ਟੋਲ ਪਲਾਜ਼ਾ ਕੋਲ ਅਣਮਿਥੇ ਸਮੇਂ ਲਈ ਮੋਰਚਾ ਸ਼ੁਰੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਯੋਗ ਦਿਵਸ ਮੌਕੇ ਤਿਰੰਗਾ ਪਾਰਕ ’ਚ ਹੋਵੇਗਾ ਵਿਸ਼ਾਲ ਸਮਾਗਮ, ਡੀ.ਸੀ. ਵਲੋਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸਿਹਤ ਜਾਂਚ ਲਈ ਏ.ਆਈ.-ਆਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ-ਡਾ. ਬਲਬੀ...
Ad Position 24
No active advertisement