ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 21 ਜੂਨ-ਪੰਜਾਬ ਕਾਂਗਰਸ ਵਿਚ ਲੀਡਰਸ਼ਿਪ ਤਬਦੀਲੀ ਨੂੰ ਲੈ ਕੇ ਪਾਰਟੀ ਹਾਈਕਮਾਨ ਅਜੇ ਵੀ ਦੁਚਿੱਤੀ ਵਿਚ ਨਜ਼ਰ ਆ ਰਹੀ ਹੈ। ਸੂਤਰਾਂ ਅਨੁਸਾਰ, ਪੰਜਾਬ ਇਕਾਈ ਵਿਚ ਸੰਭਾਵਿਤ ਬਦਲਾਵਾਂ ਸਬੰਧੀ ਆਖਰੀ ਫੈਸਲਾ ਲੈਣ ਤੋਂ ਪਹਿਲਾਂ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਸੂਬੇ ਦੇ ਪ੍ਰਮੁੱਖ ਆਗੂਆਂ ਨਾਲ ਲਗਾਤਾਰ ਮੰਥਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਹਾਈਕਮਾਨ ਦੀ ਅਹਿਮ ਮੀਟਿੰਗ ਅੱਜ ਸਵੇਰੇ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਤਿੰਨ ਮੈਂਬਰੀ ਨਿਗਰਾਨ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨ ਦੀ ਕਾਰਗੁਜ਼ਾਰੀ ਅਤੇ ਆਗੂਆਂ ਦੇ ਵਿਚਾਰ ਜਾਣਨ ਤੋਂ ਬਾਅਦ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਸੌਂਪ ਦਿੱਤੀ ਗਈ ਹੈ । ਇਸ ਰਿਪੋਰਟ ਦੇ ਆਧਾਰ ’ਤੇ ਹੀ ਪੰਜਾਬ ਕਾਂਗਰਸ ਦੇ ਭਵਿੱਖੀ ਢਾਂਚੇ ਬਾਰੇ ਫੈਸਲਾ ਲਿਆ ਜਾਣਾ ਹੈ ਪਰ ਇਸ ਦੇ ਨਾਲ ਹੀ ਕਾਂਗਰਸ ਹਾਈਕਮਾਨ ਨੂੰ ਪੰਜਾਬ ਵਿਚ ਤਬਦੀਲੀ ਦੇ ਨਾਲ ਨਾਲ ਕਿਸੇ ਤਰ੍ਹਾਂ ਦੀ ਬਗਾਵਤ ਹੋਣ ਦਾ ਡਰ ਵੀ ਹੈ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਹਾਈਕਮਾਨ ਦਾ ਮੁੱਖ ਉਦੇਸ਼ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਰਣਨੀਤੀ ਤਿਆਰ ਕਰਨਾ ਹੈ। ਇਸ ਲਈ ਹਰ ਆਗੂ ਨੂੰ ਭਰੋਸੇ ਵਿਚ ਲੈ ਕੇ ਅਜਿਹਾ ਫੈਸਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਪਾਰਟੀ ਅੰਦਰ ਸੰਤੁਲਨ ਵੀ ਬਣਿਆ ਰਹੇ ਅਤੇ ਚੋਣਾਂ ਦੀਆਂ ਤਿਆਰੀਆਂ ਨੂੰ ਵੀ ਗਤੀ ਮਿਲ ਸਕੇ।
ਪੰਜਾਬ ਕਾਂਗਰਸ ਵਿਚ ਤਬਦੀਲੀ ਨੂੰ ਲੈ ਕੇ ਦੁਚਿੱਤੀ ’ਚ ਫਸੀ ਹਾਈਕਮਾਨ
ਅਜੀਤ ਡੈਸਕ
22-06-2026