ਜਲੰਧਰ, 22 ਜੂਨ (ਸ਼ਿਵ)- ਸੂਬੇ ਵਿਚ ਨਸ਼ਿਆਂ ਬਾਰੇ ਕਈ ਚਰਚਿਤ ਕੇਸਾਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਵਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਕਿਹਾ ਹੈ ਕਿ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਸ਼ੁਰੂ ਤੋਂ ਹੀ ਕਾਰਵਾਈ ਕਰਦੇ ਰਹੇ ਹਨ ਪਰ ਅਜੇ ਵੀ ਨਸ਼ਿਆਂ ਖਿਲਾਫ ਪ੍ਰਭਾਵੀ ਤਰੀਕੇ ਨਾਲ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਇਸ ਕਰਕੇ ਉਹ ਸਮੇਂ-ਸਮੇਂ ਸਿਰ ਕੇਂਦਰ ਨੂੰ ਕਈ ਵਾਰ ਚਿੱਠੀਆਂ ਲਿਖ ਚੁੱਕੇ ਹਨ ਪਰ ਅਜੇ ਤੱਕ ਕਾਰਵਾਈ ਨਹੀਂ ਹੋਈ ਹੈ ਜੇਕਰ ਇਸ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ ਜਾਂਦੀ ਹੈ ਤਾਂ ਉਹ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿਚ ਜਾਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਰੰਜਨ ਸਿੰਘ ਨੇ ਕਿਹਾ ਕਿ ਸਰਕਾਰਾਂ ਦੇ ਦਾਅਵਿਆਂ ਦੇ ਬਾਵਜੂਦ ਨਸ਼ੇ ਅਜੇ ਵੀ ਪੂਰੀ ਤਰ੍ਹਾਂ ਨਾਲ ਖ਼ਤਮ ਨਹੀਂ ਕੀਤੇ ਜਾ ਸਕੇ ਹਨ ਤੇ ਅੱਜ ਵੀ ਕਈ ਨੌਜਵਾਨ ਇਹ ਘਾਤਕ ਬੁਰਾਈ ਦੇ ਚੁੰਗਲ ਵਿਚ ਫਸ ਰਹੇ ਹਨ । ਸਾਬਕਾ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਪ੍ਰਧਾਨ ਵਲੋਂ ਸੂਬੇ ਵਿਚ ਨਸ਼ੇ ਵਿਕਣ ਦੀ ਗੱਲ ਕਹੀ ਗਈ ਹੈ ਪਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਹੈ ਤਾਂ ਉਨ੍ਹਾਂ ਵਲੋਂ ਹੁਣ ਹੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸਰਹੱਦ ਤੋਂ ਅਜੇ ਵੀ ਪੰਜਾਬ ਵਿਚ ਨਸ਼ੇ ਆ ਰਹੇ ਹਨ । ਸਰਕਾਰਾਂ ਨੂੰ ਇਸ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਨਸ਼ਿਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਜਾਵਾਂਗਾ ਹਾਈ ਕੋਰਟ-ਨਿਰੰਜਨ ਸਿੰਘ
ਅਜੀਤ ਡੈਸਕ
23-06-2026