ਮੰਡੀ ਗੋਬਿੰਦਗੜ੍ਹ, 25 ਜੂਨ (ਮੋਹਿਤ ਸਿੰਗਲਾ)- ਕੇਂਦਰੀ ਮਾਧਿਮਿਕ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਨੇ ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਹੋਰ ਸੁਚਾਰੂ, ਵਿਦਿਆਰਥੀ-ਅਨੁਕੂਲ ਅਤੇ ਪਾਰਦਰਸ਼ੀ ਬਣਾਉਣ ਲਈ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੋਰਡ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰ ਅਤੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਦੇਸ਼ ਭਰ ਦੇ ਵੱਖ-ਵੱਖ ਹਿੱਸੇਦਾਰਾਂ ਤੋਂ ਵਿਆਪਕ ਪੱਧਰ ’ਤੇ ਸੁਝਾਅ ਅਤੇ ਰਾਏ ਲੈਣ ਦੀ ਯੋਜਨਾ ਬਣਾਈ ਗਈ ਹੈ।ਸੀ.ਬੀ.ਐਸ.ਈ. ਅਨੁਸਾਰ ਇਸ ਪਹਿਲ ਦਾ ਮਕਸਦ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲਾਂ ਨੂੰ ਪ੍ਰੀਖਿਆ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣਾ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਣਾ ਹੈ। ਇਸ ਲਈ ਸਿਰਫ਼ ਮਹਾਨਗਰਾਂ ਅਤੇ ਵੱਡੇ ਸਕੂਲਾਂ ਤੱਕ ਸੀਮਿਤ ਰਹਿਣ ਦੀ ਬਜਾਏ ਛੋਟੇ ਸ਼ਹਿਰਾਂ, ਕਸਬਿਆਂ ਅਤੇ ਪੇਂਡੂ ਖੇਤਰਾਂ ਦੇ ਸਕੂਲਾਂ, ਅਧਿਆਪਕਾਂ, ਮਾਪਿਆਂ ਅਤੇ ਹੋਰ ਸੰਬੰਧਿਤ ਧਿਰਾਂ ਤੋਂ ਵੀ ਸੁਝਾਅ ਮੰਗੇ ਜਾਣਗੇ। ਸੀ.ਬੀ.ਐਸ.ਈ. ਦਾ ਮੰਨਣਾ ਹੈ ਕਿ ਇਸ ਵਿਆਪਕ ਸਲਾਹ-ਮਸ਼ਵਰਾ ਪ੍ਰਕਿਰਿਆ ਤੋਂ ਪ੍ਰਾਪਤ ਸੁਝਾਅ ਭਵਿੱਖ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਹੋਰ ਨਿਰਪੱਖ ਅਤੇ ਪ੍ਰਭਾਵਸ਼ਾਲੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸੀ.ਬੀ.ਐਸ.ਈ . ਦੇਸ਼ ਭਰ ਦੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲਾਂ ਤੋਂ ਲਵੇਗਾ ਸੁਝਾਅ
ਅਜੀਤ ਡੈਸਕ
26-06-2026