ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਨਾਲ ਸੰਬੰਧਿਤ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਪੱਖਪਾਤੀ ਐਕਟ ਲਿਆਉਣ ਦੇ ਪ੍ਰਸਤਾਵ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦਿਆਂ ਪੁਰਾਣਾ ਐਕਟ ਬਹਾਲ ਰੱਖਣ ਦੀ ਮੰਗ ਕੀਤੀ ਹੈ।ਦੀਵਾਨ ਮੁੱਖ ਦਫ਼ਤਰ ਵਿਖੇ ਅੱਜ ਅਹੁਦੇਦਾਰਾਂ ਦੀ ਹੋਈ ਅਹਿਮ ਇਕੱਤਰਤਾ ਦੌਰਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਢਾਂਚੇ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਸੋਧ ਜਾਂ ਦਖਲ ਅੰਦਾਜੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਿੱਧਾ ਜੁੜਿਆ ਹੋਇਆ ਅਤਿ ਸੰਵੇਦਨਸ਼ੀਲ ਮਸਲਾ ਹੈ। ਉਨ੍ਹਾਂ ਕਿਹਾ ਕਿ ਦੀਵਾਨ ਨੂੰ ਨਵੇਂ ਐਕਟ ਦੇ ਬਹਾਨੇ ਪ੍ਰਬੰਧ ‘ਚੋਂ ਬਾਹਰ ਕਰਨ ਦੀ ਕੋਝੀ ਕੋਸ਼ਿਸ਼ ਨਾ ਸਿਰਫ ਦੀਵਾਨ ਦੀਆਂ ਗੌਰਵਮਈ ਪ੍ਰੰਪਰਾਵਾਂ ਅਤੇ ਇਤਿਹਾਸ ਦਾ ਅਪਮਾਨ ਹੈ, ਸਗੋਂ ਸਿੱਖ ਸੰਸਥਾਵਾਂ ਅਤੇ ਕੌਮ ਦੇ ਧਾਰਮਿਕ ਅਧਿਕਾਰਾਂ ‘ਤੇ ਵੀ ਸਿੱਧਾ ਹਮਲਾ ਹੈ।